ਤਰਨ ਤਾਰਨ, 18 ਜੂਨ 2024 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਜੀ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 14 ਸਤੰਬਰ ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਸ਼੍ਰੀ ਅਜੈ ਕੁਮਾਰ, ਵਕੀਲ ਅਤੇ ਸ਼੍ਰੀ ਅਸ਼ੋਕ ਕੁਮਾਰ, ਪੀ.ਐਲ.ਵੀ ਵੱਲੋਂ ਪਿੰਡ ਵਲੀਪੁਰ, ਗੋਰਖਾ ਅਤੇ ਬੁੱਗਾ ਵਿਖੇ ਸੈਮੀਨਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵਕੀਲ ਸਾਹਿਬ ਨੇ ਦੱਸਿਆ ਕਿ ਮਿਤੀ 14 ਸਤੰਬਰ ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਲੋਕ ਦਾ ਮੁੱਖ ਮਨੋਰਥ ਸਮਝੋਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਅਦਾਲਤਾਂ ਵਿੱਚ ਲੰਬਤ ਪਏ ਹੋਣ, ਲੋਕ ਅਦਾਲਤ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਲਿਆਇਆ ਜਾ ਸਕਦਾ ਹੈ। ਵਕੀਲ ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਾਰੀਆਂ ਕਚਹਿਰੀਆਂ/ਅਦਾਲਤਾਂ ਵਿੱਚ ਹਰ ਮਹੀਨੇ ਦੇ ਅਖੀਰਲੇ ਕੰਮ-ਕਾਜੀ ਸ਼ਨੀਵਾਰ ਲੋਕ ਅਦਾਲਤ ਲਗਾਈ ਜਾਂਦੀ ਹੈ। ਇਸ ਦੇ ਨਾਲ-ਨਾਲ ਲੇਬਰ ਕੋਰਟ, ਉਪਭੋਗਤਾ ਕੋਰਟ ਵਿੱਚ ਹਰ ਮਹੀਨੇ ਦੇ ਅਖੀਰਲੇ ਸ਼ੁੱਕਰਵਾਰ ਲੋਕ ਅਦਾਲਤ ਲਗਾਈ ਜਾਂਦੀ ਹੈ। ਵਕੀਲ ਸਾਹਿਬ ਨੇ ਦੱਸਿਆ ਕੇ ਲੋਕ ਅਦਾਲਤ ਵਿੱਚ ਕੇਸ ਲਗਾਉਣ ਦਾ ਬਹੁਤ ਅਸਾਨ ਤਰੀਕਾ ਹੈ ਜਿਵੇ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਦੇ ਚਾਹਵਾਨ ਵਿਅਕਤੀ ਸੰਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੰ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ। ਸ਼੍ਰੀ ਅਸ਼ੋਕ ਕੁਮਾਰ ਪੀ.ਐਲ.ਵੀ ਜੀ ਨੇ ਦੱਸਿਆ ਕਿ ਲੋਕ ਅਦਾਲਤ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਇਸਦੇ ਫ਼ੈਸਲੇ ਨਾਲ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਇਸਦੇ ਫ਼ੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਨਾਲ ਧਿਰਾਂ ਵਿੱਚ ਦੁਸ਼ਮਣੀ ਘਟਦੀ ਹੈ ਅਤੇ ਧਿਰਾਂ ਵਿੱਚ ਭਾਈਚਾਰਾ ਵੱਧਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲੇ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।