ਅੰਮ੍ਰਿਤਸਰ, 3 ਅਗਸਤ 2024 : ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਜਿੱਥੇ ਬੀਤੀ ਰਾਤ ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਿਹਾ ਇੱਕ ਸੇਵਾਦਾਰ ਸਬਜ਼ੀ ਦੇ ਕੜਾਹੇ 'ਚ ਡਿੱਗ ਗਿਆ ਅਤੇ ਜ਼ਖਮੀ ਹੋ ਗਿਆ। ਘਟਨਾ ਸਮੇਂ ਮੌਕੇ 'ਤੇ ਮੌਜੁਦ ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਜ਼ਖਮੀ ਸੇਵਾਦਾਰ ਨੂੰ ਕੜਾਹੇ ਚੋਂ ਕੱਡ ਕੇ ਫੌਰੀ ਤੌਰ 'ਤੇ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਮੁਤਾਬਿਕ ਸੇਵਾਦਾਰ 70 ਪ੍ਰਤੀਸ਼ਤ ਤੱਕ ਝੁਲਸ ਚੁਕਿਆ ਹੈ ਅਤੇ ਉਹਨਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਬਲਬੀਰ ਸਿੰਘ ਗੁਰਦਾਸਪੁਰ ਦੇ ਸ਼ਹਿਰ ਧਾਲੀਵਾਲ ਦੇਰਿਹਿਣ ਵਾਲੇ ਹਨ। ਉਹ ਪਿਛਲੇ ਦੱਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ 12.30 ਵਜੇ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ। ਹਰਿਮੰਦਰ ਸਾਹਿਬ ਦੀ ਵੱਡੀ ਕੜਾਹੀ ਵਿੱਚ ਆਲੂ ਉਬਾਲੇ ਜਾ ਰਹੇ ਸਨ। ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ 'ਤੇ ਝੱਗ ਨਜ਼ਰ ਆਉਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕੜਾਹੇ ਵਿੱਚ ਜਾ ਡਿੱਗਿਆ। ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀ ਸੇਵਾਦਾਰ ਨੂੰ ਹਰ ਸੰਭਵ ਸਹੂਲਤ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਜ਼ਖਮੀ ਸੇਵਾਦਾਰ ਬਲਬੀਰ ਸਿੰਘ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਧਾਮੀ ਨੇ ਕਿਹਾ ਕਿ ਉਹ ਵਾਹਿਗੁਰੂ ਅੱਗੇ ਸੇਵਾਦਾਰ ਦੇ ਛੇਤੀ ਠੀਕ ਹੋਣ ਦੀ ਅਰਦਾਸ ਕਰਦੇ ਹਨ। ਨਾਲ ਹੀ ਉਹਨਾਂ ਕਿਹਾ ਕਿ ਐਸਜੀਪੀਸੀ ਵੱਲੋਂ ਉਹਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਉਮੀਦ ਕਰਦੇ ਹਾਂ ਕਿ ਜਲਦੀ ਹੀ ਉਹਨਾਂ ਦੀ ਸਿਹਤਯਾਬੀ ਵੀ ਹੋਵੇਗੀ।