ਅੰਮ੍ਰਿਤਸਰ 28 ਸਤੰਬਰ 2024 : ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈੱਕ ਦੇ ਕੇ ਸ. ਜਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਹਰਿਆਣਾ ਨਾਲ ਸਬੰਧਤ ਦੌੜਾਕ ਅਮਰਪ੍ਰੀਤ ਸਿੰਘ ਨੂੰ ਵੀ 1 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਗਈ। ਇਹ ਨੌਜੁਆਨ ਅੰਬਾਲਾ ਤੋਂ ਦੌੜਦਿਆਂ ਹੋਇਆ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ ਹੈ। ਖਿਡਾਰੀਆਂ ਨੂੰ ਸਨਮਾਨਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਆਪਣੀਆਂ ਖੇਡ ਅਕੈਡਮੀਆਂ ਚਲਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕੋਈ ਸਾਬਤ ਸੂਰਤ ਸਿੱਖ ਖਿਡਾਰੀ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਕਰਦਾ ਹੈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਸਿੱਖ ਨੌਜੁਆਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨਾ ਹੈ। ਐਡਵੋਕੇਟ ਧਾਮੀ ਨੇ ਨੌਜੁਆਨਾਂ ਨੂੰ ਸਿੱਖੀ ਸਰੂਪ ਵਿਚ ਰਹਿੰਦਿਆਂ ਅੱਗੇ ਵਧਣ ਲਈ ਪ੍ਰੇਰਿਆ।ਇਸ ਮੌਕੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਾਨ-ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਖਿਡਾਰੀਆਂ ਨੂੰ ਵੱਡਾ ਉਤਸ਼ਾਹ ਮਿਲਦਾ ਹੈ। ਉਨ੍ਹਾਂ ਨੌਜੁਆਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਰਹਿੰਦਿਆਂ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਜਥੇਦਾਰ ਗੁਰਲਾਲ ਸਿੰਘ, ਸ. ਨਵਤੇਜ ਸਿੰਘ ਕਾਉਣੀ, ਸ. ਤੇਜਾ ਸਿੰਘ ਕਮਾਲਪੁਰ, ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਜਰਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਬਲਬੀਰ ਸਿੰਘ, ਬੀਬੀ ਕੁਲਵਿੰਦਰ ਕੌਰ, ਬੀਬੀ ਸਵਰਨ ਕੌਰ, ਬੀਬੀ ਗੁਰਵਿੰਦਰ ਕੌਰ, ਸ. ਜਸਵਿੰਦਰ ਸਿੰਘ, ਬੀਬੀ ਜਿੰਦ ਕੌਰ ਆਦਿ ਮੌਜੂਦ ਸਨ।