ਅੰਮ੍ਰਿਤਸਰ, 29 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਵਿੱਢ ਦਿੱਤੀ ਤੇ ਟੈਕਨਿਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ ਜਿਥੋਂ ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਇਆ ਕਰੇਗੀ। ਉਹਨਾਂ ਦੱਸਿਆ ਕਿ ਇਸ ਚੈਨਲ ਲਈ ਪਹਿਲਾਂ ਹੀ ਬਜਟ ਰੱਖ ਦਿੱਤਾ ਗਿਆ ਸੀ ਤੇ ਛੇ ਮਹੀਨਿਆਂ ਤੋਂ ਤਿਆਰੀ ਚਲ ਰਹੀ ਹੈ। ਗੁਰਚਰਨ ਸਿੰਘ ਗਰੇਵਾਲ ਨੇ ਨਿਊਜ਼ 18 ਚੈਨਲ ਨਾਲ ਗੱਲਬਾਤ ਵਿਚ ਇਹ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ’ਤੇ ਪੀ ਟੀ ਸੀ ਚੈਨਲ ਦਾ ਸ਼੍ਰੋਮਣੀ ਕਮੇਟੀ ਨਾਲ ਕਾਂਟਰੈਕਟਰ 23 ਜੁਲਾਈ ਨੂੰ ਖਤਮ ਹੋ ਰਿਹਾ ਹੈ।