
ਅੰਮ੍ਰਿਤਸਰ, 17 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ ਸਮਾਪਤੀ ਸਬੰਧੀ ਜਥੇਦਾਰ ਰਘਬੀਰ ਸਿੰਘ ਵੱਲੋਂ 13 ਫਰਵਰੀ ਨੂੰ ਫੇਸਬੁੱਕ ’ਤੇ ਕੀਤੀ ਪੋਸਟ ਦਾ ਹਵਾਲਾ ਦਿੰਦਿਆਂ ਧਾਮੀ ਨੇ ਕਿਹਾ ਕਿ "ਉਨ੍ਹਾਂ ਲਿਖਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਜਾਣਾ ‘ਅਤਿ ਨਿੰਦਣਯੋਗ’ ਅਤੇ ‘ਮੰਦਭਾਗਾ’ ਹੈ। ਪ੍ਰਧਾਨ ਹੋਣ ਦੇ ਨਾਤੇ, ਮੈਂ ਜ਼ਿੰਮੇਵਾਰੀ ਲੈਂਦਾ ਹਾਂ ਅਤੇ ਨੈਤਿਕ ਆਧਾਰ 'ਤੇ ਤੁਰੰਤ ਪ੍ਰਭਾਵ ਨਾਲ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫੇ ਦਾ ਕਾਰਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਗਲਤ ਤਰੀਕੇ ਨਾਲ ਅਹੁਦੇ ਤੋਂ ਹਟਾਉਣ ਬਾਰੇ ਕੀਤੀ ਟਿੱਪਣੀ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਨੈਤਿਕ ਤੌਰ 'ਤੇ ਸ਼੍ਰੋਮਣੀ ਕਮੇਟੀ ਨੂੰ ਸਿੰਘ ਸਾਹਿਬਾਨ ਦੇ ਕੇਸਾਂ ਦੀ ਜਾਂਚ ਕਰਨ ਦਾ ਪੂਰਾ ਅਧਿਕਾਰ ਹੈ, ਪਰ ਜਦੋਂ ਤੋਂ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਸਿੰਘ ਸਾਹਿਬਾਨ ਦੀ ਮੀਟਿੰਗ ਕਰਵਾਉਣ ਦਾ ਕੋਈ ਅਧਿਕਾਰ ਨਹੀਂ ਹੈ, ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਉਨ੍ਹਾਂ ਲਈ ਹਮੇਸ਼ਾ ਹੀ ਸਤਿਕਾਰ ਰਿਹਾ ਹੈ ਅਤੇ ਰਹੇਗਾ। ਹਰਜਿੰਦਰ ਸਿੰਘ ਧਾਮੀ ਨੇ ਖੁਦ ਨੂੰ 7 ਮੈਂਬਰੀ ਕਮੇਟੀ ਤੋਂ ਫਾਰਗ ਕਰਨ ਦੀ ਮੰਗ ਵੀ ਕੀਤੀ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਪੁਨਰਗਠਨ ਲਈ ਅਕਾਲ ਤਖ਼ਤ ਨੇ ਉਨ੍ਹਾਂ ਨੂੰ 7 ਮੈਂਬਰੀ ਕਮੇਟੀ ਦਾ ਮੁਖੀ ਵੀ ਐਲਾਨਿਆ ਸੀ ਪਰ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਅਕਾਲੀ ਦਲ ਇਸ ਕਮੇਟੀ ਮੁਤਾਬਕ ਨਵੀਂ ਭਰਤੀ ਨਹੀਂ ਕਰ ਰਿਹਾ ਸੀ। ਇਸ ਨੂੰ ਲੈਕੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਸਨ ਅਤੇ ਅਗਲੀ ਮੀਟਿੰਗ 18 ਫਰਵਰੀ ਨੂੰ ਰੱਖੀ ਗਈ ਸੀ ਪਰ ਇਸ ਤੋਂ ਪਹਿਲਾਂ ਹੀ ਪ੍ਰਧਾਨਗੀ ਦੇ ਅਸਤੀਫ਼ੇ ਦਾ ਐਲਾਨ ਕਰ ਕੇ ਹਰਜਿੰਦਰ ਸਿੰਘ ਧਾਮੀ ਨੇ ਹਰ ਇੱਕ ਨੂੰ ਹੈਰਾਨ ਕਰ ਦਿੱਤਾ ਹੈ। ਹਾਲਾਂਕਿ ਅਜੇ ਅਸਤੀਫ਼ਾ ਮਨਜ਼ੂਰ ਹੋਣਾ ਬਾਕੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਤੇ ਦੁੱਖ ਜਾਹਰ ਕੀਤਾ
ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਕੇ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਉੱਤੇ ਦੁੱਖ ਜਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਆਗੂਆਂ ਵਲੌਂ ਅਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿੱਤ, ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ, ''ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ।