ਅੰਮ੍ਰਿਤਸਰ, 6 ਜੂਨ : ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤੀ ਸੰਸਦ ਵਿਚ ਕਿਸੇ ਵੀ ਸਰਕਾਰ ਨੇ ਘੱਲੂਘਾਰੇ ਦੀ ਮੁਆਫ਼ੀ ਤਾਂ ਕੀ ਮੰਗਣੀ ਸੀ, ਸਗੋਂ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਜਾਣਬੁਝ ਕੇ ਸਿੱਖਾਂ ਨੂੰ ਹਮੇਸ਼ਾਂ ਨਿਸ਼ਾਨੇ ’ਤੇ ਲਿਆ ਜਾਂਦਾ ਹੈ, ਜਦਕਿ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦਾ ਯੋਗਦਾਨ ਇਤਿਹਾਸ ਦਾ ਹਿੱਸਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੂਨ 1984 ਦੇ ਹਮਲੇ ਅਤੇ ਸਿੱਖ ਨਸਲਕੁਸ਼ੀ ਲਈ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਕੌਮ ਅੰਦਰ ਰੋਸ ਹੈ।