- ਸੰਭਾਵੀ ਹੜ੍ਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾਲ ਨਿਪਟਣ ਲਈ ਸਮੂਹ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਰੱਖਣ ਦੀ ਹਦਾਇਤ
ਹਰੀਕੇ ਪੱਤਣ, 16 ਅਗਸਤ : ਪਿਛਲੇ ਦਿਨਾਂ ਵਿੱਚ ਪਹਾੜੀ ਖੇਤਰਾਂ ਵਿੱਚ ਭਾਰੀ ਵਰਖਾ ਹੋਣ ਕਰਕੇ ਭਾਖੜਾ ਡੈਮ ਤੋਂ ਪਾਣੀ ਛੱਡਣ ਕਰਕੇ ਦਰਿਆ ਸਤਲੁਜ ਅਤੇ ਬਿਆਸ ਵਿੱਚ ਪਾਣੀ ਦੇ ਵਹਾਅ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਅੱਜ ਰੈਸਟ ਹਾਊਸ ਹਰੀਕੇ ਵਿਖੇ ਸਮੂਹ ਅਧਿਕਾਰੀਆਂ ਨਾਲ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ, ਐਕਸੀਅਨ ਪੀ. ਡਬਲਯੂ. ਡੀ. ਸ੍ਰੀ ਦਿਲਬਾਗ਼ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਤਾਂ ਜੋ ਸੰਭਾਵੀ ਹੜ੍ਹਾਂ ਦੌਰਾਨ ਪ੍ਰਸ਼ਾਸਨਿਕ ਪੱਧਰ `ਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ।ਉਹਨਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਐੱਨ. ਡੀ. ਆਰ. ਐੱਫ਼ ਦੀਆਂ ਟੀਮਾਂ ਨਾਲ ਤਾਲਮੇਲ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮਿੱਟੀ ਵਾਲੇ ਥੈਲਿਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਾਲ-ਨਾਲ ਦਵਾਈਆਂ, ਪਸ਼ੂਆਂ ਲਈ ਚਾਰੇ, ਲੋੜਵੰਦ ਲੋਕਾਂ ਲਈ ਰਾਸ਼ਨ, ਪੀਣਯੋਗ ਸਾਫ਼ ਪਾਣੀ ਆਦਿ ਦਾ ਅਗੇਤੇ ਤੌਰ `ਤੇ ਅਹਿਤਿਆਤ ਵਜੋਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ।ਉਹਨਾਂ ਕਿਹਾ ਕਿ ਦਰਿਆ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਹਾਲਤ ਵਿੱਚ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਲਈ 07 ਰਾਹਤ ਕੇਂਦਰ ਬਣਾਏ ਗਏ ਹਨ ਅਤੇ ਉੱਥੇ ਲੋਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰਨੇ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀ ਨੂੰ ਆਦੇਸ਼ ਦਿੱਤੇ ਗਏ। ਉਹਨਾਂ ਕਿਹਾ ਕਿ ਦਰਿਆ ਨੇ ਨਾਲ ਲੱਗਦੇ ਧੁੱਸੀ ਬੰਨ੍ਹ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਪਾੜ ਪੈਣ ਦੀ ਸੂਰਤ ਵਿੱਚ ਤੁਰੰਤ ਇਸਦੀ ਸੂਚਨਾ 24 ਘੰਟੇ ਕਾਰਜਸ਼ੀਲ ਰਹਿਣ ਵਾਲੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01852-224107‘ਤੇ ਦਿੱਤੀ ਜਾਵੇ।