ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

  • ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
  • ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਤਰਨ ਤਾਰਨ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਤੇਜ਼ੀ ਨਾਲ ਕੀਤੀ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਮੰਡੀ ਵਿਚੋਂ ਫਸਲ ਦੀ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਥਾਂ ਦੀ ਕੋਈ ਘਾਟ ਨਾ ਆਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਖਰੀਦ ਤੇ ਚੁਕਾਈ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਬਿਜਲੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏੇ ਹਨ ਅਤੇ ਕਿਸਾਨਾਂ ਨੂੰ ਮੰਡੀਆਂ `ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਾ ਆਵੇ।ਉਨ੍ਹਾਂ ਨੇ ਕਿਹਾ ਕਿ 17 ਫੀਸਦੀ ਤੋਂ ਜਿਆਦਾ ਨਮੀ ਵਾਲੀ ਫਸਲ ਮੰਡੀ ਵਿੱਚ ਨਾ ਲਿਆਂਦੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਫਸਲ ਦੀ ਕਟਾਈ ਪੂਰੀ ਤਰਾਂ ਪੱਕਣ ‘ਤੇ ਹੀ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ 10 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9549 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 8230 ਮੀਟਰਿਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।