ਗੁਰਦਾਸਪੁਰ, 31 ਅਗਸਤ : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਗੁਰਦਾਸਪੁਰ ਪੁਲਿਸ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ ਅਤੇ ਵੱਖ-ਵੱਖ ਯੂਨਿਟਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਪੁਲਿਸ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਆਪਣੇ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਨਸ਼ਿਆਂ ਵੱਲ ਜਾਣ ਦੀ ਸੋਚਣ ਵੀ ਨਾ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਦੀ ਆਦਤ ਦਾ ਸ਼ਿਕਾਰ ਹਨ ਉਨ੍ਹਾਂ ਨੂੰ ਇਲਾਜ ਲਈ ਓਟ ਸੈਂਟਰ ਤੱਕ ਪਹੁੰਚਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਆਪਣਾ ਸੂਚਨਾ ਤੰਤਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਵਿਸ਼ੇਸ਼ ਯਤਨ ਕਰਨ ਲਈ ਵੀ ਕਿਹਾ। ਇਸ ਮੌਕੇ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਸਮਾਜ ਦੇ ਹਰੇਕ ਵਰਗ ਨੂੰ ਨਾਲ ਲੈ ਕੇ ਨਸ਼ਾ ਮੁਕਤੀ ਮੁਹਿੰਮ ਨੂੰ ਹੋਰ ਤੇਜ਼ ਕਰਨਗੇ ਅਤੇ ਨਸ਼ਿਆਂ ਖਿਲਾਫ ਇੱਕ ਲੋਕ ਲਹਿਰ ਪੈਦਾ ਕੀਤੀ ਜਾਵੇਗੀ।