- ਕੈਬਨਿਟ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਅਤੇ ਸ. ਲਾਲਜੀਤ ਸਿੰਘ ਭੁੱਲਰ ਕੁਸ਼ਤੀ ਮੁਕਾਬਲਿਆਂ ਦਾ ਕਰਨਗੇ ਰਸਮੀਂ ਉਦਘਾਟਨ
- ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 01, 02 ਅਤੇ 03 ਦਸੰਬਰ ਨੂੰ ਕਰਵਾਏ ਜਾਣਗੇ ਕੁਸ਼ਤੀ ਮੁਕਾਬਲੇ
- ਕੁਸ਼ਤੀ ਮੁਕਾਬਲਿਆਂ ਵਿੱਚ ਰਾਜ ਭਰ ਚੋਂ ਵੱਖ-ਵੱਖ ਭਾਰ ਵਰਗ ਦੇ ਪਹਿਲਵਾਨ ਹਿੱਸਾ ਲੈਣਗੇ
ਚੋਹਲਾ ਸਾਹਿਬ, 30 ਨਵੰਬਰ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦਾ 01 ਦਸੰਬਰ, 2023 ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼-ਪ੍ਰੋਤਸਾਹਨ, ਪ੍ਰਹੁਣਾਚਾਰੀ ਮੰਤਰੀ ਪੰਜਾਬ, ਅਨਮੋਲ ਗਗਨ ਮਾਨ ਅਤੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਰਸਮੀ ਉਦਘਾਟਨ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਮਿਤੀ 01, 02 ਅਤੇ 03 ਦਸੰਬਰ ਨੂੰ ਲੜਕੇ ਤੇ ਲੜਕੀਆਂ ਪਹਿਲਵਾਨਾਂ ਦੇ ਮਿੱਟੀ ਦੇ ਅਖਾੜੇ ਵਿੱਚ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ।ਉਹਨਾਂ ਦੱਸਿਆ ਕਿ ਇਹਨਾਂ ਕੁਸ਼ਤੀ ਮੁਕਾਬਲਿਆਂ ਵਿੱਚ ਰਾਜ ਭਰ ਚੋਂ ਵੱਖ-ਵੱਖ ਭਾਰ ਵਰਗ ਦੇ ਪਹਿਲਵਾਨ ਹਿੱਸਾ ਲੈਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ।ਉਹਨਾਂ ਦੱਸਿਆ ਕਿ ਇਹਨਾਂ ਕੁਸ਼ਤੀ ਮੁਕਾਬਲਿਆਂ ਵਿੱਚ ਲੜਕਿਆਂ ਦੀ ਕੈਟੇਗਰੀ ਵਿੱਚ 70 ਕਿਲੋ, 80 ਕਿਲੋਂ ਅਤੇ 80 ਕਿਲੋ ਤੋਂ ਵੱਧ ਭਾਰ ਵਰਗ ਦੇ ਪਹਿਵਾਨ ਹਿੱਸਾ ਲੈ ਸਕਣਗੇ।ਇਸ ਤੋਂ ਇਲਾਵਾ ਲੜਕੀਆਂ ਦੇ ਕੁਸ਼ਤੀ ਮੁਕਾਬਲਿਆਂ ਵਿੱਚ 60 ਕਿਲੋ ਅਤੇ 60 ਕਿਲੋ ਤੋਂ ਜ਼ਿਆਦਾ ਭਾਰ ਵਰਗ ਦੀਆਂ ਲੜਕੀਆਂ ਭਾਗ ਲੈ ਸਕਣਗੀਆਂ।ਭਾਗ ਲੈਣ ਵਾਲੇ ਖਿਡਾਰੀਆਂ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਉਹਨਾਂ ਦੱਸਿਆ ਕਿ 80 ਕਿਲੋ ਭਾਰ ਵਰਗ ਤੋਂ ਜ਼ਿਆਦਾ ਰੁਸਤਮੇ-ਪੰਜਾਬ ਟਾਈਟਲ ਲਈ ਪਹਿਲਾ ਇਨਾਮ 05 ਲੱਖ ਰੁਪਏ, ਦੂਸਰਾ ਇਨਾਮ 2 ਲੱਖ ਰੁਪਏ ਅਤੇ ਤੀਜੇ ਸਥਾਨ ਲਈ ਇੱਕ ਲੱਖ ਰੁਪਏ ਦਿੱਤੇ ਜਾਣਗੇ।ਇਸ ਤੋਂ ਇਲਾਵਾ ਬਾਕੀ ਭਾਰ ਵਰਗ, ਜਿੰਨ੍ਹਾਂ ਵਿੱਚ 70 ਕਿਲੋ ਲੜਕੇ, 80 ਕਿਲੋ ਲੜਕੇ ਅਤੇ 60 ਕਿਲੋ ਤੇ 60 ਕਿਲੋ ਤੋਂ ਜ਼ਿਆਦਾ ਭਾਰ ਵਰਗ ਲੜਕੀਆਂ ਸ਼ਾਮਿਲ ਹਨ, ਲਈ ਪਹਿਲਾ ਇਨਾਮ 51 ਹਜ਼ਾਰ ਰੁਪਏ ਦੂਜਾ ਇਨਾਮ 31 ਹਜ਼ਾਰ ਰੁਪਏ ਅਤੇ ਤੀਜਾ ਇਨਾਮ 21 ਹਜ਼ਾਰ ਰੁਪਏ ਦਿੱਤਾ ਜਾਵੇਗਾ। ਅੱਜ ਚੋਹਲਾ ਸਹਿਬ ਵਿਖੇ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ ਉਲੰਪਿਕਸ” ਦੇ ਸਫ਼ਲ ਆਯੋਜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲੈਂਦਿਆਂ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਆਯੋਜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸਬੰਧੀ ਉਚਿਤ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਇਸ ਛਿੰਝ ਮੇਲੇ ਵਿੱਚ ਭਾਗ ਲੈਣ ਵਾਲੇ ਪਹਿਲਵਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਅਤੇ ਦਰਸ਼ਕ ਇਹਨਾਂ ਕੁਸ਼ਤੀ ਮੁਕਾਬਲਿਆਂ ਦਾ ਭਰਪੂਰ ਆਨੰਦ ਮਾਣ ਸਕਣ।ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਕੁਸ਼ਤੀ ਮੁਕਾਬਲਿਆਂ ਆਨੰਦ ਲੈਣ ਲਈ ਹੁੰਮ-ਹੁੰਮਾ ਕੇ ਪਹੁੰਚਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ, ਕਾਰਜ ਸਾਧਕ ਅਫ਼ਸਰ ਤਰਨ ਤਾਰਨ, ਸ੍ਰੀ ਕਮਲਜੀਤ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।