ਸੁਖਬੀਰ ਬਾਦਲ ਅਤੇ ਅਕਾਲੀ ਆਗੂਆਂ ਧਾਰਮਿਕ ਤਨਖਾਹ ਭੁਗਤਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਈ ਅਰਦਾਸ

ਅੰਮ੍ਰਿਤਸਰ, 13 ਦਸੰਬਰ 2024 : ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ। ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿੱਚ ਉਤਸ਼ਾਹ ਨਾਲ ਯੋਗਦਾਨ ਪਾਇਆ।ਸੁਰੱਖਿਆ ਪ੍ਰਬੰਧਾਂ ਬਾਰੇ ਚੀਮਾ ਨੇ ਕਿਹਾ ਕਿ ਅੱਜ ਦੀ ਸੁਰੱਖਿਆ ਸਿਰਫ਼ ਦਿਖਾਵੇ ਲਈ ਹੈ। ਜੇਕਰ ਅੱਜ ਜਿਸ ਮੁਸਤੈਦੀ ਦਾ ਪੱਧਰ ਉਸ ਦਿਨ ਦਿਖਾਇਆ ਗਿਆ ਹੁੰਦਾ ਤਾਂ ਮਾਮਲਾ ਇਸ ਹੱਦ ਤੱਕ ਨਾ ਵਧਦਾ ਅਤੇ ਦੁਨੀਆ ਨੂੰ ਜਾ ਰਹੇ ਗਲਤ ਸੰਦੇਸ਼ ਨੂੰ ਰੋਕਿਆ ਜਾ ਸਕਦਾ ਸੀ। ਸੁਰੱਖਿਆ ਦਿਖਾਵੇ ਲਈ ਨਹੀਂ ਹੋਣੀ ਚਾਹੀਦੀ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਪਿਛਲੇ 10 ਦਿਨਾਂ ਵਿੱਚ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕੀਤੀ ਹੈ। ਹੁਕਮਾਂ ਅਨੁਸਾਰ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਆਪਣੀ ਸਜ਼ਾ ਪੂਰੀ ਕਰਨਗੇ। ਬੀਤੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਜਥੇਦਾਰ ਨੇ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਬਾਰੇ ਦੱਸਿਆ ਅਤੇ ਉਨ੍ਹਾਂ ਦਾ ਇਕਬਾਲ ਵੀ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵੀ ਤਨਖਾਹੀਆ ਐਲਾਨ ਕਰ ਦਿੱਤਾ ਗਿਆ ਸੀ।