ਗੁਰਦਾਸਪੁਰ, 15 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਮਨਮੋਹਨ ਸਿੰਘ, ਐੱਸ.ਪੀ. ਪ੍ਰਿਥੀਪਾਲ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ ਤਾਂ ਜੋ ਇਨ੍ਹਾਂ ਵਿਕਾਸ ਕਾਰਜਾਂ ਦਾ ਆਮ ਜਨਤਾ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਅਧਿਕਾਰੀਆਂ ਵੱਲੋਂ ਖੁਦ ਮੌਕੇ `ਤੇ ਜਾ ਕੇ ਚੱਲ ਰਹੇ ਕੰਮਾਂ ਦੀ ਨਿਗਰਾਨੀ ਕੀਤੀ ਜਾਵੇ। ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 1200 ਪੇਂਡੂ ਛੱਪੜਾਂ ਦੀ ਸਫ਼ਾਈ ਕਰਕੇ ਉਨ੍ਹਾਂ ਨੂੰ ਸੀਚੇਵਾਲ ਮਾਡਲ ਤਹਿਤ ਵਿਕਸਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਜਿਸ ਤਹਿਤ ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ ਜਿਸ ਤਹਿਤ 72 ਸੰਪਰਕ ਸੜਕਾਂ ਦੀ ਮੁਰੰਮਤ 90 ਫੀਸਦੀ ਮੁਕੰਮਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਵੱਲੋਂ ਸੁਧਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਕਣਕ ਪੱਕਣ ਤੋਂ ਪਹਿਲਾਂ-ਪਹਿਲਾਂ ਖੇਤਾਂ ਵਿਚੋਂ ਲੰਘਦੀਆਂ ਬਿਜਲੀ ਤਾਰਾਂ ਅਤੇ ਟਰਾਂਸਫਾਰਮ ਨੂੰ ਠੀਕ ਕਰ ਲਿਆ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਨੂੰ 1.80 ਲੱਖ ਵੈਕਸੀਨ ਦੀ ਡੋਜ਼ ਮਿਲੀ ਹੈ ਜਿਸ ਨੂੰ ਗਊ ਵੰਸ਼ ਦੇ ਲਗਾਇਆ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੀ ਗੱਲ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਸਮਤੀ ਹੇਠ ਰਕਬਾ ਵਧਾਉਣ ਲਈ 562 ਕਿਸਾਨ ਮਿੱਤਰ ਰੱਖੇ ਜਾ ਰਹੇ ਹਨ ਜੋ ਕਿ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨਗੇ। ਕਣਕ ਦੇ ਖਰੀਦ ਸੀਜ਼ਨ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਂ ਰਹਿੰਦੇ ਹੋਏ ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਏਜੰਡਾ ਕਿਸਾਨਾਂ ਦੀ ਭਲਾਈ ਦਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਖਰੀਦਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਵੀ ਕੀਤੀ ਅਤੇ ਉਨ੍ਹਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਸ੍ਰੀ ਗੁਰਦੀਪ ਸਿੰਘ ਰੰਧਾਵਾ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।