- ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਵਿੱਚ ਸੀਐਚਟੀ ਬਧਾਨੀ ਬੋਧਰਾਜ, ਈਟੀਟੀ ਅਧਿਆਪਕ ਖੇਮ ਰਾਜ ਅਤੇ ਐਸੋਸੀਏਟ ਅਧਿਆਪਕ ਸਰਿਤਾ ਦੇਵੀ ਹਨ ਸ਼ਾਮਲ।
ਪਠਾਨਕੋਟ, 12 ਸਤੰਬਰ : ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਬਲਾਕ ਧਾਰ -1 ਦੇ ਤਿੰਨ ਅਧਿਆਪਕਾਂ ਨੂੰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਵਿੱਚ ਸੀਐਚਟੀ ਬਧਾਨੀ ਸ੍ਰੀ ਬੋਧਰਾਜ, ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਢਾਂਗੂ ਸੁਰਾਹ ਸ੍ਰੀ ਖੇਮ ਰਾਜ ਅਤੇ ਐਸੋਸੀਏਟ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸਾਰਟੀ ਸ੍ਰੀਮਤੀ ਸਰਿਤਾ ਦੇਵੀ ਸ਼ਾਮਲ ਹਨ। ਇਸ ਮੌਕੇ ਤੇ ਬੀਪੀਈਓ ਧਾਰ-1 ਸ੍ਰੀ ਕੁਲਦੀਪ ਸਿੰਘ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਕੀਤਾ ਗਿਆ ਸੀ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਸਮੇਤ ਸਮੂਹ ਬੀਪੀਈਓਜ਼ ਵੱਲੋਂ ਜ਼ਿਲ੍ਹੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੁੱਝ ਨਿਵੇਕਲਾ ਕੰਮ ਕਰ ਆਪਣੀ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਨ੍ਹਾਂ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਵਿੱਚ ਸੀਐਚਟੀ ਬਧਾਨੀ ਬੋਧਰਾਜ, ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਢਾਂਗੂ ਸੁਰਾਹ ਖੇਮ ਰਾਜ ਅਤੇ ਐਸੋਸੀਏਟ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸਾਰਟੀ ਸਰਿਤਾ ਦੇਵੀ ਨੇ ਸ਼ਾਮਲ ਹੋ ਕੇ ਬਲਾਕ ਦਾ ਨਾਂ ਰੌਸ਼ਨ ਕੀਤਾ ਹੈ, ਜੋ ਕਿ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਹ ਅਧਿਆਪਕ ਹੁਣ ਪਹਿਲਾਂ ਨਾਲੋਂ ਵੀ ਜ਼ਿਆਦਾ ਮਿਹਨਤ, ਈਮਾਨਦਾਰੀ ਅਤੇ ਤਨਦੇਹੀ ਨਾਲ ਵਿਦਿਆਰਥੀਆਂ ਅਤੇ ਸਕੂਲ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਣਗੇ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਦੁਨੇਰਾ ਨੂੰ ਵੱਧ ਦਾਖਲਿਆਂ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ।