- ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
ਗੁਰਦਾਸਪੁਰ, 09 ਫਰਵਰੀ : ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੱਡਾ ਲਾਭ ਮਿਲ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਵਿੱਚ ਬੀਤੇ ਕੱਲ੍ਹ ਤੱਕ 3147 ਤੋਂ ਵਧੇਰੇ ਨਾਗਰਿਕਾਂ ਨੇ ਲਾਭ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਤੱਕ ਇਨ੍ਹਾਂ ਕੈਂਪਾਂ ਵਿੱਚ 3147 ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਤਿਆਰ ਕਰਵਾਈਆਂ ਗਈਆਂ ਪ੍ਰਚਾਰ ਵੈਨਾਂ ਦਾ ਵੀ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਵੈਨਾਂ ਰਾਹੀਂ ਜਿਥੇ ਲੋਕਾਂ ਨੂੰ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਜਾਂਦਾ ਹੈ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਸਫਲਤਾਪੂਰਵਕ ਨੇਪਰੇ ਚੜ੍ਹ ਸਕੇ।