- ਪਿੰਡਾਂ-ਸ਼ਹਿਰਾਂ ਅੰਦਰ ਚਲਾਏ ਗਏ ਵਿਸ਼ੇਸ਼ ਅਭਿਆਨ
- ਡੇਂਗੂ ਮੱਛਰਾਂ ਦਾ ਲਾਰਵਾ ਮੌਕੇ ’ਤੇ ਨਸ਼ਟ ਕੀਤਾ
ਗੁਰਦਾਸਪੁਰ, 1 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਵੱਖ-ਵੱਖ ਸਿਹਤ ਗਤੀਵਿਧੀਆਂ ਦੀ ਲੜੀ ਵਿੱਚ ਡੇਂਗੂ ਸੀਜਨ ਦੇ ਮੱਦੇਨਜ਼ਰ ਸਰਵੇਲੈਂਸ ਮੁਹਿੰਮ ਲਗਾਤਾਰ ਜਾਰੀ ਹੈ। ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ-ਸ਼ਹਿਰਾਂ ਵਿੱਚ ਵਿਸ਼ੇਸ਼ ਐਂਟੀਲਾਰਵਾ ਸਰਵੇਲੈਂਸ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਘਰਾਂ ਵਿੱਚ ਜਾ ਕੇ ਡੇਂਗੂ ਮੱਛਰਾਂ ਦੇ ਲਾਰਵੇ ਅਤੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਯਤਨ ਕਰਨ ਦੇ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ਪ੍ਰਭਜੋਤ ਕੌਰ ਕਲਸੀ ਨੇ ‘ਫਰਾਈ ਡੇਅ, ਡਰਾਈ ਡੇਅ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਐਮ.ਪੀ.ਐਚ.ਡਬਲਯੂ ’ਤੇ ਆਧਾਰਿਤ ਟੀਮਾਂ ਵੱਲੋਂ ਸਮੁੱਚੇ ਜ਼ਿਲ੍ਹੇ ਵਿੱਚ ਐਂਟੀਲਾਰਵਾ ਚੈਕਿੰਗ ਤੋਂ ਇਲਾਵਾ ਖੇਤਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਲਾਰਵਾ ਦੀ ਚੈਕਿੰਗ ਦੌਰਾਨ ਮਿਲੇ ਲਾਰਵਾ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਡੇਂਗੂ ਰੋਗ ਦੇ ਕਾਰਨ, ਲੱਛਣ ਅਤੇ ਬਚਾਅ ਬਾਰੇ ਲੋਕਾਂ ਨੂੰ ਵੱਖ-ਵੱਖ ਸਾਧਨਾਂ ਅਤੇ ਜਾਗਰੂਕਤਾ ਸਭਾਵਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀੜਿਤ ਵਿਅਕਤੀ ਨੂੰ ਤੇਜ਼ ਬੁਖ਼ਾਰ ਅਤੇ ਅਸਹਿ ਦਰਦ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਜਾਂਚ ਅਤੇ ਇਲਾਜ਼ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਉਪਲੱਬਧ ਹਨ।