ਬਟਾਲਾ, 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ, ਐਸ.ਡੀ.ਐਮ ਦਫਤਰ ਬਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਕਰਮਜੀਤ ਸਿੰਘ, ਐਸ.ਡੀ.ਐਮ, ਜਗਤਾਰ ਸਿੰਘ, ਤਹਿਸੀਲਦਾਰ, ਅਭਿਸ਼ੇਕ ਵਰਮਾ, ਨਾਇਬ ਤਹਿਸੀਲਦਾਰ, ਸੁੰਦਰ ਸ਼ਰਮਾ ਸੁਪਰਡੈਂਟ, ਰਾਜਵਿੰਦਰ ਸਿੰਘ ਅਤੇ ਸਮੁੱਚਾ ਸਟਾਫ਼ ਮੌਜੂਦ ਸੀ। ਇਸ ਮੌਕੇ ਐਸ.ਡੀ.ਐਮ ਬਟਾਲਾ ਵਲੋਂ ਸਮੂਹ ਹਾਜ਼ਰੀਨ ਨੂੰ ਭਾਰਤ ਦੇ ਸੰਵਿਧਾਨ, ਰਾਸ਼ਟਰੀ ਏਕਤਾ ਅਤੇ ਅਖੰਡਤਾ ਪ੍ਰਤੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਐਸ.ਡੀ.ਐਮ, ਵਿਕਰਮਜੀਤ ਸਿੰਘ ਨੇ ਕਿਹਾ ਕਿ 26 ਨਵੰਬਰ 1949 ਨੂੰ ਭਾਰਤ ਦਾ ਸੰਵਿਧਾਨ ਅਪਣਾਇਆ ਗਿਆ ਸੀ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਤੇ ਫਰਜ਼ਾ ਨੂੰ ਸਮਝ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਦਾ ਮੁੱਖ ਮਕਸਦ ਦੇਸ਼ ਦੇ ਹਰ ਨਾਗਰਿਕ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਆਜ਼ਾਦੀ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਸਾਡਾ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਤੇ ਆਪਣੇ ਫਰਜਾਂ ਪ੍ਰਤੀ ਸੁਚੇਤ ਹੋ ਕੇ ਹਰ ਨਾਗਰਿਕ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਹੈ।