- ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ
- ਸੇਵਾ ਸੰਭਾਲ ਸਮਾਗਮ ’ਚ ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ
ਅੰਮ੍ਰਿਤਸਰ, 22 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ ਤੇ ਬਾਬਾ ਜੱਸਾ ਸਿੰਘ, ਦਿੱਲੀ ਕਮੇਟੀ ਵੱਲੋਂ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਦਲਜੀਤ ਸਿੰਘ ਚੀਮਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸ. ਪਰਮਜੀਤ ਸਿੰਘ ਸਰਨਾ ਸਮੇਤ ਵੱਖ-ਵੱਖ ਤਖ਼ਤਾਂ ਦੇ ਸਾਬਕਾ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸਿੱਖ ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ, ਸਮਾਜਕ ਤੇ ਪੰਥਕ ਸ਼ਖਸੀਅਤਾਂ ਨੇ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ। ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਏ ਭਰਵੇਂ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਯੁਕਤੀ ਸਬੰਧੀ 16 ਜੂਨ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਮਤਾ ਪੜ੍ਹਿਆ, ਜਿਸ ਦਾ ਹਾਜ਼ਰ ਖ਼ਾਲਸਾ ਪੰਥ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਇਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਨਾਮ ਦਾ ਐਲਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਲਈ ਚੁਣੌਤੀਆਂ ਭਰਿਆ ਸਮਾਂ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੁੱਚੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਸੁਜੋਗ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੇਵਾ ਸੰਭਾਲ ਸਮਾਗਮ ’ਚ ਪੁੱਜੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ। ਸਮਾਗਮ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰਾਂ ਦੇਣ ਵਾਲੀਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਮੁੱਖੀ ਸੁਪਰੀਮ ਸਿੱਖ ਕੌਂਸਲ ਯੂ.ਕੇ., ਸ. ਰਾਮ ਸਿੰਘ ਰਠੌਰ ਬੰਬੇ, ਸ. ਇੰਦਰਬੀਰ ਸਿੰਘ ਨਿੱਜਰ ਪ੍ਰਧਾਨ ਚੀਫ ਖਾਲਸਾ ਦੀਵਾਨ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸਰਵਣ ਸਿੰਘ ਕੁਲਾਰ, ਸ. ਕੁਲਵੰਤ ਸਿੰਘ ਮੰਨਣ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੁਖਵਰਸ਼ ਸਿੰਘ ਪੰਨੂੰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਜੋਗਿੰਦਰ ਕੌਰ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸੀਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਵੱਲੋਂ ਸ. ਸੁਖਵਿੰਦਰ ਸਿੰਘ ਅਗਵਾਨ, ਫੈਡਰੇਸ਼ਨ ਆਗੂ ਸ. ਕਰਨੈਲ ਸਿੰਘ ਪੀਰ ਮੁਹੰਮਦ, ਬਾਬਾ ਬੁੱਧ ਸਿੰਘ ਨਿੱਕੇਘੁੰਮਣਾਂ ਵਾਲੇ, ਬਾਬਾ ਬਲਬੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਜੋਗਾ ਸਿੰਘ ਬਾਬਾ ਬਕਾਲਾ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਦਲਜੀਤ ਸਿੰਘ ਸ਼ਿਕਾਗੋ ਤੇ ਬਾਬਾ ਸੱਜਣ ਸਿੰਘ ਸ਼ਿਕਾਗੋ ਯੂਐਸਏ, ਸ. ਅਮਰਬੀਰ ਸਿੰਘ ਢੋਟ, ਗਿਆਨੀ ਪਿਆਰ ਸਿੰਘ ਪਟਨਾ ਸਾਹਿਬ, ਮੁਫਤੀ ਮੁਹੰਮਦ ਖਲੀਲ ਕਾਸਮੀ ਚੇਅਰਮੈਨ ਪੰਜਾਬ ਸਟੇਟ ਹੱਜ ਕਮੇਟੀ, ਜੂਸਫ ਸਾਹਿਲ ਉਸਮਾਨੀ ਮਲੇਰਕੋਟਲਾ, ਬਾਬਾ ਜਗਬੀਰ ਸਿੰਘ ਜੌਹਲਾਂ ਵਾਲੇ, ਬਾਬਾ ਜੱਸਾ ਸਿੰਘ, ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਡਾ. ਇੰਦਰਜੀਤ ਸਿੰਘ ਗੋਗੋਆਣੀ, ਸ. ਜਸਬੀਰ ਸਿੰਘ ਘੁਮਣ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਇੰਦਰਜੀਤ ਸਿੰਘ ਨਿਸ਼ਕਾਮ ਸੇਵਕ ਜਥਾ, ਬਾਬ ਸੁਖਪਾਲ ਸਿੰਘ ਤਰਨਾ ਦਲ, ਬਾਬਾ ਭਗਵਾਨ ਸਿੰਘ ਜੋਹਲ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਦੀਪ ਸਿੰਘ ਖੁਜਾਲਾ, ਬਾਬਾ ਗੁਰਭੇਜ ਸਿੰਘ, ਬਾਬਾ ਸੁਖਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਪਰਮਜੀਤ ਸਿੰਘ ਬੁੱਢਾ ਦਲ, ਬਾਬਾ ਮੋਹਨਜੀਤ ਸਿੰਘ, ਬਾਬਾ ਹਰੀ ਸਿੰਘ ਜੀਰਾ, ਬਾਬਾ ਦਰਸ਼ਨ ਸਿੰਘ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਘਾਲਾ ਸਿੰਘ, ਬਾਬਾ ਰਣਜੀਤ ਸਿੰਘ ਤਲਵੰਡੀ, ਸ. ਮਨਜੀਤ ਸਿੰਘ ਰਿੰਕੂ ਭਾਟੀਆ ਇੰਦੌਰ, ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ, ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ, ਬਾਬਾ ਧੰਨਾ ਸਿੰਘ ਬੜੂੰਦੀ, ਮਾਤਾ ਵਿਪਨਪ੍ਰੀਤ ਕੌਰ, ਬਾਬਾ ਹਰੀ ਸਿੰਘ, ਬਾਬਾ ਹਰਜਿੰਦਰ ਸਿੰਘ, ਬਾਬਾ ਗੁਰਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਗੁਰਚਰਨ ਸਿੰਘ ਬੱਡੋ ਹੁਸ਼ਿਆਰਪੁਰ, ਬਾਬਾ ਭੁਪਿੰਦਰ ਸਿੰਘ ਡੇਰਾ ਬਾਬਾ ਮਿਸ਼ਰਾ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਅਮਰਜੀ ਸਿੰਘ ਹਰਖੋਵਾਲ, ਬਾਬਾ ਕੁਲਵੰਤ ਸਿੰਘ ਮਹਿੰਦੀਆਣਾ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆ, ਬਾਬਾ ਅਮਰਜੀਤ ਸਿੰਘ ਰਸੂਲਪੁਰ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਭਾਈ ਜਸਵਿੰਦਰ ਸਿੰਘ ਸ਼ਹੂਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਬਾਬਾ ਬਲਬੀਰ ਸਿੰਘ ਹਰਿਆਣਾ, ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੰਤੋਖ ਸਿੰਘ, ਡਾ. ਕਸ਼ਮੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਬਾਬਾ ਸੁੱਖਾ ਸਿੰਘ ਕਾਰਸੇਵਾ ਸਰਹਾਲੀ, ਬਾਬਾ ਅਜੈਬ ਸਿੰਘ ਕਾਰਸੇਵਾ ਗੁਰੂ ਕਾ ਬਾਗ, ਬਾਬਾ ਅਮਨਦੀਪ ਸਿੰਘ ਸੱਤੋ ਵਾਲੀ ਗਲੀ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਤੀਰਥ ਸਿੰਘ ਅਨੰਦਪੁਰ ਸਾਹਿਬ, ਬਾਬਾ ਬਲਬੀਰ ਸਿੰਘ ਜਿਆਣੀ ਵਾਲੇ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਮਹਾਂਬੀਰ ਸਿੰਘ, ਬਾਬਾ ਅਨਹਦਰਾਜ ਸਿੰਘ, ਬਾਬਾ ਲਖਬੀਰ ਸਿੰਘ ਤਰਨਾ ਦਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਪੰਚਾਇਤੀ ਅਖਾੜਾ ਨਿਰਮਲਾ ਹਰਿਦੁਆਰ ਤੋਂ ਬਾਬਾ ਰੇਸ਼ਮ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਹੀਰ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਬਲਦੇਵ ਸਿੰਘ ਜੋਗੇਵਾਲ, ਬਾਬਾ ਗੋਪਾਲ ਸਿੰਘ, ਵੈਦ ਅਮਰੀਕ ਸਿੰਘ, ਗਿਆਨੀ ਸੁਖਚੈਨ ਸਿੰਘ, ਗਿਆਨੀ ਜੈਲ ਸਿੰਘ ਸ਼ਾਸਤਰੀ, ਬਾਬਾ ਗੁਰਤੇਜ ਸਿੰਘ, ਸ. ਸਰਬਜੀਤ ਸਿੰਘ ਸੋਹਲ ਸਮੇਤ ਹੋਰ ਮੌਜੂਦ ਸਨ।
ਭਗਵੰਤ ਸਿੰਘ ਮਾਨ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਵਿਚ ਭਗਤ ਸਾਹਿਬਾਨ ਦਾ ਨਾਮ ਸਤਿਕਾਰ ਨਾਲ ਨਾ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਭਗਤ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਰਕੇ ਉਨ੍ਹਾਂ ਨੂੰ ਸਤਿਕਾਰਤ ਰੁਤਬਾ ਦਿੱਤਾ ਹੈ, ਪਰੰਤੂ ਜਿਸ ਤਰ੍ਹਾਂ ਪੰਜਾਬ ਵਿਧਾਨ ਸਭਾ ਵਿਚ ਭਗਤ ਸਾਹਿਬਾਨ ਅਤੇ ਭੱਟ ਸਾਹਿਬਾਨ ਦੇ ਨਾਮ ਬਿਨਾਂ ਸਤਿਕਾਰ ਤੋਂ ਲਏ ਗਏ, ਉਸ ਨਾਲ ਜਿਥੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ, ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲ ਚਿਹਰਾ ਵੀ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਗੁਰਬਾਣੀ ਪ੍ਰਸਾਰਣ ਦੇ ਨਾਂ ’ਤੇ ਕੇਵਲ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਤੋਂ ਅਣਜਾਣ ਮੁੱਖ ਮੰਤਰੀ ਵਿਧਾਨ ਸਭਾ ਵਿਚ ਸਿੱਖ ਦੇ ਦਾਹੜੇ ’ਤੇ ਮਜਾਕ ਕਰਦੇ ਹਨ ਅਤੇ ਨੌਟੰਕੀ ਕਰਕੇ ਤੌਹੀਨ ਕਰ ਰਹੇ ਹਨ, ਜੋ ਮੁੱਖ ਮੰਤਰੀ ਦੇ ਰੁਤਬੇ ਨੂੰ ਸ਼ੋਭਾ ਨਹੀਂ ਦਿੰਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਸਵਾਲ ਚੁੱਕਣ ਵਾਲਾ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਦੋਸ਼ ਸਿੱਖਾਂ ਨੂੰ ਰਿਹਾਅ ਕਰਨ ਦੇ ਕੀਤੇ ਆਦੇਸ਼ ’ਤੇ ਕਾਰਵਾਈ ਕਿਉਂ ਨਹੀਂ ਕਰਦਾ? ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਜਿਥੇ 11 ਸਿੱਖ ਨੌਜੁਆਨਾਂ ’ਤੇ ਐਨਐਸਏ ਤਹਿਤ ਕੇਸ ਪਾ ਕੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਹੋਇਆ ਹੈ, ਉਥੇ ਹੀ 27 ਦੇ ਕਰੀਬ ਨੌਜੁਆਨ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਵਿਧਾਨ ਸਭਾ ’ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮਤਾ ਲੈ ਕੇ ਆਉਣਾ ਚਾਹੀਦਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਸਰਕਾਰ ਬਣਨ ਤੋਂ ਪਹਿਲਾਂ ਤੁਸੀਂ ਬਾਪੂ ਸੂਰਤ ਸਿੰਘ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਸਭ ਤੋਂ ਪਹਿਲਾਂ ਬੰਦੀ ਸਿੰਘ ਰਿਹਾਅ ਕਰਾਂਗੇ, ਉਸ ਵਾਅਦੇ ਦਾ ਕੀ ਬਣਿਆ? ਉਨ੍ਹਾਂ ਮੁੱਖ ਮੰਤਰੀ ਸ. ਮਾਨ ਨੂੰ ਇਹ ਸਵਾਲ ਵੀ ਕੀਤਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ’ਤੇ ਤੁਹਾਡੀ ਪਾਰਟੀ ਦੇ ਮੁਖੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਸਤਖ਼ਤ ਕਿਉਂ ਨਹੀਂ ਕਰ ਰਹੇ? ਜੇਕਰ ਸਿੱਖੀ ਦੇ ਏਨੇ ਹੀ ਹਮਦਰਦ ਹੋ ਤਾਂ ਸਿੱਖਾਂ ਦੇ ਇਨ੍ਹਾਂ ਮਸਲਿਆਂ ’ਤੇ ਫੈਸਲੇ ਕਰਵਾਉ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਮ ਆਦਮੀ ਦੇ ਆਗੂਆਂ ਨੂੰ ਨਸੀਹਤ ਦਿੱਤੀ ਉਹ ਕਿ ਬੋਲਣ ਤੋਂ ਪਹਿਲਾਂ ਮਰਯਾਦਾ ਦਾ ਖ਼ਿਆਲ ਜ਼ਰੂਰ ਰੱਖਣ।
ਧੜ੍ਹਿਆਂ ਵਿਚ ਵੰਡੇ ਪੰਥ ਨੂੰ ਇਕਜੁਟ ਕਰਨ ਦਾ ਯਤਨ ਕਰਾਂਗੇ : ਜਥੇਦਾਰ ਗਿਆਨੀ ਰਘਬੀਰ ਸਿੰਘ
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਧੜ੍ਹਿਆਂ ਵਿਚ ਵੰਡੇ ਪੰਥ ਨੂੰ ਇਕਜੁਟ ਕਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਮਿਸਲਾਂ ਸਮੇਂ ਵੀ ਪੰਥ ਵੱਖ-ਵੱਖ ਥੜ੍ਹਿਆਂ ਵਿਚ ਹੋਣ ਦੇ ਬਾਵਜੂਦ ਪੰਥਕ ਮਾਮਲਿਆਂ ’ਤੇ ਇਕਜੁਟ ਰਹਿੰਦਾ ਸੀ। ਉਸੇ ਤਰ੍ਹਾਂ ਹੁਣ ਵੀ ਪੰਥਕ ਮਾਮਲਿਆਂ ’ਤੇ ਸਾਰਿਆਂ ਨੂੰ ਇਕੱਠਿਆਂ ਕੀਤਾ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਲਿਆਂਦਾ ਗਿਆ ਸਿੱਖ ਗੁਰਦੁਆਰਾ ਸੋਧ ਬਿੱਲ ਬੇਹੱਦ ਮੰਦਭਾਗਾ ਹੈ। ਵਿਧਾਨ ਸਭਾ ਵਿਚ ਦਾਹੜੀ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਵੀ ਅਤਿ ਨਿੰਦਣਯੋਗ ਹਨ। ਉਨ੍ਹਾਂ ਸੰਗਤ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਵੀ ਕੀਤੀ। ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਸੇਵਾ ਗੁਰੂ ਸਾਹਿਬ ਦੀ ਕਿਰਪਾ ਨਾਲ ਉਨ੍ਹਾਂ ਨੂੰ ਮਿਲੀ ਹੈ ਅਤੇ ਉਹ ਇਸ ਮਹਾਨ ਅਸਥਾਨ ਦੀਆਂ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਪੰਥਕ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਸੇਵਾ ਨਿਭਾਉਣ ਦਾ ਯਤਨ ਕਰਨਗੇ। ਇਸੇ ਦੌਰਾਨ ਸੇਵਾ ਸੰਭਾਲਣ ਮਗਰੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।