ਪਟਿਆਲਾ, 15 ਜੁਲਾਈ : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਦੇਖ-ਰੇਖ ਹੇਠ 15 ਜੁਲਾਈ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿਖੇ ਮੋਟਰ ਐਕਸੀਡੈਂਟ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਪਟਿਆਲਾ ਵਿੱਚ 03 ਨਿਆਇਕ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਦੌਰਾਨ ਮੋਟਰ ਦੁਰਘਟਨਾ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ 306 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 111 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤਾ ਰਾਹੀਂ ਕੀਤਾ ਗਿਆ, ਜਿਸ ਵਿੱਚ 19777429/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਇੱਕ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ। ਇਸ ਕੈਂਪ ਕੋਰਟ ਦੌਰਾਨ ਇਕ ਕੇਸ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਜੇਲ੍ਹ ਦੇ ਕੈਦੀਆਂ ਨੂੰ ਪਲੇਅ ਬਾਰਗੇਨਿੰਗ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸੀ.ਜੇ.ਐਮ. ਮਾਨੀ ਅਰੋੜਾ ਨੇ ਜੇਲ੍ਹ ਦੇ ਵੁਮੈਨ ਸੈੱਲ ਵਿਚ ਸਿਲਾਈ ਸਿਖਲਾਈ ਕੇਂਦਰ ਦਾ ਦੌਰਾ ਕੀਤਾ ਅਤੇ ਜੇਲ੍ਹ ਦੇ ਕੈਦੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।