- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 70953 ਮੀਟਰਿਕ ਟਨ ਝੋਨੇ ਵਿੱਚੋਂ 67654 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ
- ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 21809 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 70 ਹਜ਼ਾਰ 953 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 67 ਹਜ਼ਾਰ 654 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ 21 ਹਜ਼ਾਰ 809 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 130.53 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਗਏ 32 ਖਰੀਦ ਕੇਂਦਰਾਂ ਤੇ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 30273 ਮੀਟਰਿਕ ਟਨ, ਮਾਰਕਫੈੱਡ ਵੱਲੋਂ 15435 ਮੀਟਰਿਕ ਟਨ, ਪਨਸਪ ਵੱਲੋਂ 13651 ਮੀਟਰਿਕ ਟਨ ਅਤੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 8295 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਹੀ ਇਸ ਨਾਲ ਧਰਤੀ ਹੇਠਲੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋ਼ ਸਬਸਿਡੀ ਤੇ ਦਿੱਤੀ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ।