ਖਮਾਣੋਂ, 27 ਅਪ੍ਰੈਲ : ਖਮਾਣੋਂ ਬਲਾਕ ਦੇ ਪਿੰਡਾਂ ਵਿੱਚ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਲਈ 33 ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਅਤ 24 ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸਾਲਿਡ ਵੇਸਟ ਦੇ 7 ਅਤੇ ਲਿਕੁਅਡ ਵੇਸਟ ਮੈਨੇਜਮੈਂਟ ਦੇ 18 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖਮਾਣੋਂ ਬਲਾਕ ਦੇ ਪਿੰਡ ਸੁਹਾਵੀ ਵਿਖੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਾਤਾਵਰਣ ਨੂੰ ਹਰਿਆ ਭਰਿਆ ਤੇ ਖੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜਰੂਰੀ ਹੈ ਇਸ ਲਈ ਪਿੰਡਾਂ ਵਿੱਚ ਵੱਧ ਤੋਂ ਵੱਧ ਪੰਚਾਇਤਾਂ ਨੂੰ ਸਾਲਿਡ ਵੇਸਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ ਬਣਾਉਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਲਿਡ ਵੇਸਟ ਤੇ ਲਿਕੁਅਡ ਵੇਸਟ ਮੈਨੇਜਮੈਟ ਪਲਾਂਟ ਅੱਜ ਦੀ ਮੁੱਖ ਲੋੜ ਬਣ ਗਏ ਹਨ ਕਿਉਂਕਿ ਕੂੜਾ ਕਰਕਟ ਦਾ ਸੁਚੱਜਾ ਪ੍ਰਬੰਧਨ ਕਰਕੇ ਜਿਥੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਉਥੇ ਹੀ ਪਿੰਡਾਂ ਦੀ ਦਿੱਖ ਨੂੰ ਵੀ ਖੂਬਸੂਰਤ ਬਣਾਇਆ ਜਾ ਸਕਦਾ ਹੈ। ਪਿੰਡ ਸੁਹਾਵੀ ਦੇ ਸਕੂਲ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾਅ ਤਹਿਤ ਬੱਚਿਆਂ ਲਈ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਵੱਧ ਤੋਂ ਵੱਧ ਬੱਚਿਆਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਸਾਡਾ ਸੂਬਾ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਸਿਖਿਅਤ ਕਰਕੇ ਤਿਆਰ ਕੀਤਾ ਜਾਵੇ ਤਾਂ ਜੋ ਉਹ ਉਚ ਆਹੁਦਿਆਂ ਤੇ ਪਹੁੰਚ ਕੇ ਆਪਣੇ ਸੂਬੇ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਿਥੇ ਆਧੁਨਿਕ ਸਹੂਲਤਾਂ ਨਾਲ ਪੜਾਈ ਕਰਵਾਈ ਜਾ ਰਹੀ ਹੈ ਉਥੇ ਹੀ ਲੋੜਵੰਦ ਬੱਚਿਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚੇ ਉਚ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਈ.ਏ.ਐਸ., ਆਈ.ਪੀ.ਐਸ. ਵਰਗੇ ਉਚ ਆਹੁਦਿਆਂ ਤੱਕ ਪਹੁੰਚ ਸਕਣ। ਪਿੰਡ ਦੀ ਆਂਗਨਵਾੜੀ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਆਂਗਨਵਾੜੀ ਕੇਂਦਰਾਂ ਰਾਹੀਂ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਦਿੱਤੀ ਜਾਂਦੀ ਸੰਤੁਲਿਤ ਖੁਰਾਕ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀਮਤੀ ਪਰਮਵੀਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।