
- ਪ੍ਰਸ਼ਾਸਨ ਵੱਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਜੰਗ ਦਾ ਐਲਾਨ :
- ਨਸ਼ੀਲੇ ਪਦਾਰਥਾਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਹੁਨਰ ਵਿਕਾਸ ਅਤੇ ਨੌਕਰੀ ਦੇ ਮੌਕੇ ਮਿਲਣਗੇ
- ਆਸ਼ਾ ਅਤੇ ਆਂਗਣਵਾੜੀ ਵਰਕਰ ਇਲਾਜ ਲਈ ਪ੍ਰਭਾਵਿਤ ਵਿਅਕਤੀਆਂ ਦੇ ਪਰਿਵਾਰਾਂ ਨਾਲ ਜੁੜਨਗੇ
- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੇਂਡੂ ਖੇਤਰਾਂ 'ਚ ਖੇਡ ਸਹੂਲਤਾਂ ਦਾ ਕੀਤਾ ਜਾਵੇਗਾ ਨਵੀਨੀਕਰਨ
ਲੁਧਿਆਣਾ, 27 ਫਰਵਰੀ 2025 : ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨਿਪਟਾਰੇ ਲਈ ਇੱਕ ਠੋਸ ਕਦਮ ਚੁੱਕਦਿਆਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਵੱਲੋਂ ਲੁਧਿਆਣਾ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਨਜਿੱਠਣ ਲਈ ਲਈ ਇੱਕ ਬਹੁ-ਪੱਖੀ ਪਹੁੰਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਸੰਵੇਦਨਸ਼ੀਲ ਮੁੱਦੇ ਦੇ ਨਿਪਟਾਰੇ ਲਈ ਮੁੱਖ ਰਣਨੀਤੀਆਂ ਦੀ ਪਛਾਣ ਕੀਤੀ, ਜਿਸ ਵਿੱਚ ਸਖ਼ਤ ਕਾਨੂੰਨ ਲਾਗੂ ਕਰਨਾ, ਇਲਾਜ ਅਤੇ ਕਾਉਂਸਲਿੰਗ ਰਾਹੀਂ ਨਸ਼ੀਲੇ ਪਦਾਰਥਾਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਪੁਨਰਵਾਸ, ਰੋਜ਼ੀ-ਰੋਟੀ ਲਈ ਹੁਨਰ ਵਿਕਾਸ, ਅਤੇ ਇੱਕ ਜਨ ਜਾਗਰੂਕਤਾ ਮੁਹਿੰਮ ਸ਼ਾਮਲ ਹੈ। ਜ਼ਿਲ੍ਹਾ ਪੱਧਰੀ ਐਨ.ਸੀ.ਓ.ਆਰ.ਡੀ. ਕਮੇਟੀ ਦੀ ਮੀਟਿੰਗ ਦੌਰਾਨ, ਉਨ੍ਹਾਂ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਉਦੇਸ਼ ਨਾਲ ਇੱਕ ਵਿਆਪਕ 360-ਡਿਗਰੀ ਦ੍ਰਿਸ਼ਟੀਕੋਣ ਰਣਨੀਤੀ ਨੂੰ ਲਾਗੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਜਦੋਂ ਕਿ ਨਸ਼ਿਆਂ ਦੀ ਸਪਲਾਈ ਨੂੰ ਖਤਮ ਕਰਨ ਲਈ ਯਤਨ ਕੀਤੇ ਗਏ ਹਨ, ਇਹ ਪਹਿਲ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜੰਗ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੇ ਖਾਤਮੇ ਵਿੱਚ ਇੱਕ ਮਹੱਤਵਪੂਰਨ ਪਹਿਲਾ ਕਦਮ ਦਰਸਾਉਂਦੀ ਹੈ। ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਰੋਕਥਾਮ ਲਈ ਵੱਡੇ ਪੱਤਰ 'ਤੇ ਗਤੀਵਿਧੀਆਂ ਚਲਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਾਖੋਰੀ ਨਾਲ ਜੂਝ ਰਹੇ ਵਿਅਕਤੀਆਂ ਲਈ ਢੁਕਵੇਂ ਇਲਾਜ ਅਤੇ ਕਾਉਂਸਲਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਨ੍ਹਾਂ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਵੱਖ-ਵੱਖ ਨੌਕਰੀ ਦੇ ਮੌਕੇ ਅਤੇ ਹੁਨਰ ਵਧਾਉਣ ਦੀ ਪੇਸ਼ਕਸ਼ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਤਾਕਤ ਮਿਲੇਗੀ। ਇਸ ਤੋਂ ਇਲਾਵਾ, ਨਸ਼ਿਆਂ ਤੋਂ ਪਾਸਾ ਵੱਟਣ ਵਾਲੇ ਲੋਕਾਂ ਨੂੰ ਪ੍ਰੇਰਨਾਦਾਇਕ ਭਾਸ਼ਣ ਦੇਣ ਲਈ ਸੱਦਾ ਦਿੱਤਾ ਜਾਵੇਗਾ, ਆਪਣੇ ਤਜ਼ਰਬੇ ਸਾਂਝੇ ਕਰਕੇ ਦੂਜਿਆਂ ਨੂੰ ਨਸ਼ਾਖੋਰੀ 'ਤੇ ਕਾਬੂ ਪਾਉਣ ਅਤੇ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਨਸ਼ੇ ਦੀ ਦੁਰਵਰਤੋਂ ਵਿਰੁੱਧ ਇੱਕ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਸਿਵਲ ਸਮਾਜ, ਉਦਯੋਗ, ਵਿਦਿਅਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਹੋਰਾਂ ਨਾਲ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਦੇ ਯਤਨਾਂ ਦਾ ਸਮਰਥਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਵਿੱਚ ਵਿਆਪਕ ਨਸ਼ਾ ਵਿਰੋਧੀ ਭਾਵਨਾ ਨੂੰ ਵਧਾਉਣਾ ਹੈ - ਨਸ਼ਾਖੋਰੀ ਤੋਂ ਪ੍ਰਭਾਵਿਤ ਲੋਕਾਂ ਨੂੰ ਛੱਡ ਕੇ। ਇਸ ਤੋਂ ਇਲਾਵਾ, ਆਸ਼ਾ ਅਤੇ ਆਂਗਣਵਾੜੀ ਵਰਕਰ ਪ੍ਰਭਾਵਿਤ ਵਿਅਕਤੀਆਂ ਦੇ ਪਰਿਵਾਰਾਂ ਨਾਲ ਜੁੜਨਗੀਆਂ ਤਾਂ ਜੋ ਉਨ੍ਹਾਂ ਨੂੰ ਨੇੜਲੇ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਨੌਜਵਾਨਾਂ, ਖਾਸ ਕਰਕੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਪੇਂਡੂ ਖੇਤਰਾਂ ਵਿੱਚ ਖੇਡ ਸਹੂਲਤਾਂ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਪਹਿਲਾਂ ਹੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਨਸ਼ਾ ਛੁਡਾਊ ਅਤੇ ਓਟ ਕੇਂਦਰ ਨਸ਼ੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਲਈ ਜ਼ਰੂਰੀ ਇਲਾਜ ਅਤੇ ਕਾਉਂਸਲਿੰਗ ਪ੍ਰਦਾਨ ਕਰਕੇ ਬਹੁਤ ਸਾਰੇ ਲੋਕਾਂ ਦੇ ਜੀਵਨ ਨੂੰ ਸਕਾਰਾਤਮਕ ਰੂਪ ਵਿੱਚ ਬਦਲ ਰਹੇ ਹਨ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਸ਼ਾਮਲ ਸਨ।