ਸ੍ਰੀ ਮੁਕਤਸਰ ਸਾਹਿਬ, 24 ਮਾਰਚ : ਪੰਜਾਬ ਵਿੱਚ ਹੋਏ ਭਾਰੀ ਮੀਂਹ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਂਹ ਕਾਰਨ ਖਰਾਬ ਹੋਈ ਕਿਸਾਨਾਂ ਦੀ ਫਸਲ ਦੀ ਤੁਰੰਤ ਗਿਰਦਾਵਰੀ ਕਰਵਾਉਣ ਦੇ ਹੁਕਮ ਦੇਣ ਅਤੇ ਉਨ੍ਹਾਂ ਨੂੰ ਪ੍ਰਤੀ ਏਕੜ 50 ਹਜ਼ਾਰ ਤੇ ਅੰਸ਼ਕ ਨੁਕਸਾਨ ਲਈ 25 ਹਜ਼ਾਰ ਏਕੜ ਮੁਆਵਜਾ ਦਿੱਤਾ ਜਾਵੇ।ਪ੍ਰਧਾਨ ਬਾਦਲ ਨੇ ਜਿਲ਼੍ਹਾ ਫਾਜਿਲਕਾ ਵਿੱਚ ਆਏ ਚੱਕਰਵਾਤੀ ਤੂਫਾਨ ਕਾਰਨ ਹੋਈ ਭਾਰੀ ਤਬਾਹੀ ਦਾ ਜਾਇਜਾ ਲੈਣ ਲਈ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਅਤੇ ਲੋੜਵੰਦ ਲੋਕਾਂ ਲਈ ਮੱਦਦ ਭੇਜਣ ਦੀ ਵੀ ਅਪੀਲ ਕੀਤੀ। ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹੇ ਵਿਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਕਿ ਉਹਨਾਂ ਨੂੰ ਪਹਿਲਾਂ ਵੀ ਫਸਲਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ। ਕਈ ਕਿਸਾਨ ਜਿਹਨਾਂ ਨੇ ਜ਼ਮੀਨਾਂ ਠੇਕੇ ’ਤੇ ਲਈਆਂ ਹਨ, ਦਾ ਭਵਿੱਖ ਧੁੰਦਲਾ ਹੋ ਗਿਆ ਹੈ ਤੇ ਉਹਨਾਂ ਨੇ ਵੀ ਢੁਕਵੇਂ ਮੁਆਵਜ਼ੇ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਤੇ ਕਿਹਾ ਕਿ ਮੁੱਖ ਮੰਤਰੀ ਰੋਜ਼ ਕਰੋੜਾਂ ਰੁਪਏ ਇਸ਼ਤਿਹਾਰਾਂ ਤੇ ਹੋਰ ਡਰਾਮੇਬਾਜ਼ੀ ’ਤੇ ਖਰਚ ਕਰ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਉਹਨਾਂ ਨੂੰ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ।