- ਜੁਲਾਈ ਮਹੀਨੇ ਦੌਰਾਨ ਬੱਚਿਆਂ ਨੂੰ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਤੇ 85.59 ਲੱਖ ਰੁਪਏ ਕੀਤੇ ਗਏ ਖਰਚ
- ਜ਼ਿਲ੍ਹੇ ਦੇ 273 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ 28 ਰਿਸੋਰਸ ਰੂਮਾਂ ਵਿੱਚ ਸਪੈਸ਼ਲ ਅਧਿਆਪਕਾਂ ਰਾਹੀਂ ਦਿੱਤੀ ਜਾ ਰਹੀ ਸਿੱਖਿਆ
- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਸਮੇਂ ਦੌਰਾਨ ਇਕੱਲੇ ਸਕੂਲ ਤੋਂ ਬਾਹਰ ਨਾ ਜਾਣ ਦੇਣ ਬਾਰੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ
- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਕੀਤੀ
ਫ਼ਤਹਿਗੜ੍ਹ ਸਾਹਿਬ, 26 ਸਤੰਬਰ : ਜ਼ਿਲ੍ਹੇ ਦੇ 204 ਸਰਕਾਰੀ ਸਕੂਲਾਂ ਵਿੱਚ ਨਵੀਂ ਚਾਰ ਦੀਵਾਰੀ ਬਣਾਉਣ ਲਈ 9 ਕਰੋੜ 19 ਲੱਖ 89 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਚਾਰ ਦੀਵਾਰੀ ਗ੍ਰਾਂਟ ਅਧੀਨ 6 ਅਪਰ ਪ੍ਰਾਇਮਰੀ ਤੇ 8 ਪ੍ਰਾਇਮਰੀ ਸਕੂਲਾਂ ਨੂੰ ਨਵੀਂ ਚਾਰ ਦੀਵਾਰੀ ਲਈ 1 ਕਰੋੜ 42 ਲੱਖ 78 ਹਜ਼ਾਰ ਰੁਪਏ, ਸਟੇਟ ਸਕੀਮ ਅਧੀਨ 64 ਸਕੂਲਾਂ ਨੂੰ ਨਵੀਂ ਚਾਰ ਦੀਵਾਰੀ ਬਣਾਉਣ ਲਈ 4 ਕਰੋੜ 68 ਲੱਖ 43 ਹਜ਼ਾਰ ਰੁਪਏ ਅਤੇ 125 ਸਕੂਲਾਂ ਨੂੰ ਚਾਰ ਦੀਵਾਰੀ ਦੀ ਮੁਰੰਮਤ ਕਰਵਾਉਣ ਲਈ 3 ਕਰੋੜ 08 ਲੱਖ 68 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਸ਼ੇਰਗਿੱਲ ਨੇ ਹੋਰ ਦੱਸਿਆ ਕਿ ਸਾਲ 2022-23 ਦੌਰਾਨ 6-19 ਸਾਲ ਦੀ ਉਮਰ ਦੇ ਸਕੂਲੋਂ ਵਿਰਵੇਂ ਬੱਚਿਆਂ ਬਾਰੇ ਕੀਤੇ ਸਰਵੇ ਅਨੁਸਾਰ 154 ਬੱਚਿਆਂ ਵਿੱਚੋਂ 6 ਸਾਲ ਉਮਰ ਦੇ 32 ਬੱਚਿਆਂ ਨੂੰ ਸਿੱਧੇ ਸਬੰਧਤ ਸਕੂਲਾਂ ਵਿੱਚ ਅਤੇ 7-14 ਸਾਲ ਉਮਰ ਦੇ 101 ਬੱਚਿਆਂ ਨੂੰ ਵੱਖ-ਵੱਖ ਸਕੂਲਾਂ ਵਿੱਚ ਉਨ੍ਹਾਂ ਦੀ ਉਮਰ ਅਤੇ ਮਾਨਸਿਕ ਪੱਧਰ ਅਨੁਸਾਰ ਰੈਮੀਡੀਅਲ ਕੋਚਿੰਗ ਲਈ ਦਾਖਲ ਕਰਵਾਇਆ ਗਿਆ ਹੈ ਜਿਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਇਨਕਲੂਸਿਵ ਐਜੁਕੇਸ਼ਨ ਫਾਰ ਡਿਸਏਬਲਡ ਸਕੀਮ ਅਧੀਨ ਜ਼ਿਲ੍ਹੇ ਦੇ 273 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ 28 ਰਿਸੋਰਸ ਰੂਮਾਂ ਵਿੱਚ ਸਪੈਸ਼ਲ ਅਧਿਆਪਕਾਂ ਵੱਲੋਂ ਸਿੱਖਿਆ ਦਿੱਤੀ ਜਾ ਰਹੀ ਹੈ ਜਦੋਂ ਕਿ 112 ਬੱਚਿਆਂ ਦੇ ਘਰਾਂ ਵਿੱਚ ਜਾ ਕੇ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਹੋਰ ਦੱਸਿਆ ਕਿ ਵੋਕੇਸ਼ਨਲ ਪ੍ਰੋਜੈਕਟ ਤਹਿਤ 07 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਬਲੀਮੇਸ਼ਨ ਹੀਟ ਮਸ਼ੀਨ ਰਾਹੀਂ ਕਿੱਤਾ ਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮਿਡ ਡੇਅ ਮੀਲ ਸਕੀਮ ਤਹਿਤ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 5.35 ਰੁਪਏ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 8.17 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਖੁਰਾਕ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਮਿਡ ਡੇਅ ਮੀਲ ਸਕੀਮ ਅਧੀਨ ਜ਼ਿਲ੍ਹੇ ਦੇ ਕੁੱਲ 36842 ਬੱਚਿਆਂ ਨੂੰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹੀਨਾ ਜੁਲਾਈ ਦੌਰਾਨ ਮਿਡ ਡੇਅ ਮੀਲ ਸਕੀਮ ਤੇ 85.59 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਡ ਡੇਅ ਮੀਲ ਤਹਿਤ ਦਿੱਤੇ ਜਾ ਰਹੇ ਭੋਜਨ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਖਾਣਾ ਤਿਆਰ ਕਰਨ ਵਾਲੇ ਸਥਾਨ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ। ਪਰਨੀਤ ਸ਼ੇਰਗਿੱਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਸਕੂਲ ਸਮੇਂ ਦੌਰਾਨ ਇਕੱਲੇ ਸਕੂਲ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ ਅਤੇ ਜੇਕਰ ਕੋਈ ਐਮਰਜੰਸੀ ਪੈਂਦੀ ਹੈ ਤਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਮੰਜੂ ਭਾਰਦਵਾਜ, ਉਪ ਜ਼ਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ, ਕਮੇਟੀ ਮੈਂਬਰ ਤੇ ਸਮਾਜ ਸੇਵੀ ਗੁਰਵਿੰਦਰ ਸੋਨੀ, ਕੁਲਦੀਪ ਸਿੰਘ ਗਰੇਵਾਲ, ਗੁਰਦੀਪ ਸਿੰਘ ਮਾਂਗਟ ਤੋਂ ਇਲਾਵਾ ਸਮੂਹ ਬਲਾਕ ਸਿੱਖਿਆ ਅਫਸਰ ਤੇ ਹੋਰ ਅਧਿਕਾਰੀ ਮੌਜੂਦ ਸਨ।