ਫਾਜ਼ਿਲਕਾ 26 ਸਤੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਜਾਰੀ ਸੋਧੇ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 27 ਅਕਤੂਬਰ ਤੋਂ 9 ਦਸੰਬਰ 2023 ਦੌਰਾਨ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਜੇਕਰ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੌਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਾਉਣ ਲਈ ਫਾਰਮ ਨੰ. 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਇਸ ਤੋਂ ਇਲਾਵਾ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਕੋਈ ਦਰੁਸਤੀ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐੱਲ.ਓ. ਰਾਹੀ ਜਾਂ ਆਨਲਾਇਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਖਾਸ ਕਰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।