- ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਬੀਮਾਰੀਆਂ ਤੋਂ ਬਚਣ ਲਈ ਖਾਣ ਪੀਣ ਸਮੇਂ ਸਾਵਧਾਨੀਆਂ ਵਰਤਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਦੂਸ਼ਿਤ ਖਾਣੇ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਡਾ. ਨਵਜੋਤ ਕੌਰ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਦੋਦਾ ਵਿਖੇ ਵੱਖ ਵੱਖ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਡਾ. ਨਵਜੋਤ ਕੌਰ ਨੇ ਲੋਕਾਂ ਨੂੰ ਬਰਸਾਤੀ ਮੌਸਮ ਦੋਰਾਨ ਬੀਮਾਰੀਆਂ ਤੋਂ ਬਚਣ ਲਈ ਸਲਾਹ ਦਿੱਤੀ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ, ਹੜਾਂ ਦੇ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪ੍ਰਹੇਜ ਕੀਤਾ ਜਾਵੇ, ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਇਸ ਸਬੰਧ ਵਿੱਚ ਅੱਜ ਜਿਲ੍ਹਾ ਸਿਹਤ ਅਫਸਰ ਡਾ. ਦੁਪਿੰਦਰ ਕੁਮਾਰ ਅਤੇ ਉਨ੍ਹਾ ਦੀ ਟੀਮ ਜਿਸ ਵਿੱਚ ਡਾ ਜਤਿੰਦਰ ਸਿੰਘ ਵਿਰਕ ਫੂਡ ਸੇਫਟੀ ਅਫਸਰ ਸ਼ਾਮਿਲ ਸਨ, ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਅਤੇ ਬੱਸ ਸਟਾਪ ਦੋਦਾ ਵਿਖੇ ਵੱਖ ਵੱਖ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਉਨ੍ਹਾ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਫ ਸੁਥਰੀਆਂ ਖਾਣ ਪੀਣ ਵਾਲੀਆਂ ਵਸਤੂਆਂ ਹੀ ਵੇਚਣ ਅਤੇ ਖਾਣ ਪੀਣ ਵਾਲੇ ਸਮਾਨ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣ, ਆਪਣੇ ਨਹੁੰਆ ਨੂੰ ਕੱਟ ਕੇ ਰੱਖਣ, ਹੱਥਾਂ ਤੇ ਦਸਤਾਨੇ ਪਾ ਕੇ ਰੱਖਣ ਤਾਂ ਜੋ ਬੀਮਾਰੀਆਂ ਫੈਲਣ ਤੋਂ ਬਚਾਅ ਹੋ ਸਕੇ। ਇਸ ਸਬੰਧ ਵਿਚ ਡਾ. ਦੁਪਿੰਦਰ ਕੁਮਾਰ ਡੀ.ਐਚ.ਓ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਸਾਤਾਂ ਦੋਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ। ਸਾਨੂੰ ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਜਿਆਦਾ ਪੱਕੇ ਹੋਏ ਜਾਂ ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ, ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।