
ਸ੍ਰੀ ਫ਼ਤਹਿਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਹਰਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕਾਰਗੁਜਾਰੀ ਦਾ ਜਾਇਜ਼ਾ ਲਿਆ। ਸ਼੍ਰੀ ਹਰਪ੍ਰੀਤ ਸਿੰਘ ਨੇ ਸਿਵਲ ਸਰਜਨ ਤੇ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਮਿਲਾਵਟਖੋਰਾਂ ਦੀ ਨਿਰੰਤਰ ਚੈਕਿੰਗ ਕਰਕੇ ਦੁੱਧ, ਦਹੀਂ ਤੇ ਪਨੀਰ ਦੇ ਸੈਂਪਲ ਲਏ ਜਾਣ ਅਤੇ ਮਿਲਾਵਟ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖਾਣ ਪੀਣ ਦੀਆਂ ਸੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮਿਲਾਵਟਖੋਰੀ ਵਿਰੁੱਧ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਠੱਲ ਪਾਈ ਜਾ ਸਕੇ। ਏ.ਡੀ.ਸੀ. ਹਰਪ੍ਰੀਤ ਸਿੰਘ ਨੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਕਿਹਾ ਕਿ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤੇ ਲੋਕਾਂ ਨੂੰ ਗਰਮੀਆਂ ਦੇ ਮੌਸਮ ਦੌਰਾਨ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਸਪਤਾਲਾਂ ਅੰਦਰ ਮਰੀਜਾਂ ਦੀਆਂ ਲੰਬੀਆਂ ਲਾਇਨਾਂ ਲੱਗਣ ਤੋ ਰੋਕਣ ਲਈ ਲੋਕਾਂ ਨੂੰ ਆਭਾ ਆਈ.ਡੀ. ਬਣਾਉਣ ਲਈ ਜਾਗਰੂਕ ਕੀਤਾ ਜਾਵੇ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲਾ ਨਿਵਾਸੀਆਂ ਦੀਆਂ ਵੱਧ ਤੋਂ ਵੱਧ ਆਭਾ ਆਈ.ਡੀ. ਬਣਾਈਆਂ ਜਾਣ ਜਿਸ ਨਾਲ ਡਾਕਟਰਾਂ ਤੇ ਸਬੰਧਤ ਵਿਅਕਤੀਆਂ ਨੂੰ ਭਵਿੱਖ ਵਿੱਚ ਵੀ ਇਲਾਜ ਕਰਾਉਣ ਵਿੱਚ ਸੌਖ ਹੋ ਸਕੇ। ਉਨ੍ਹਾਂ ਦੱਸਿਆ ਕਿ ਆਭਾ ਆਈ.ਡੀ. ਨਾਲ ਲੋੜ ਪੈਣ ਤੇ ਮਰੀਜ਼ ਦਾ ਪਿਛਲਾ ਮੈਡੀਕਲ ਰਿਕਾਰਡ ਵੀ ਵੇਖਿਆ ਜਾ ਸਕਦਾ ਹੈ। ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜ਼ਿਲ੍ਹਾ ਸਿਹਤ ਅਫਸਰ ਡਾ. ਅਮਨਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਮਨੈਜਰ ਕਸੀਤਿਜ ਸੀਮਾ , ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ , ਸੁਪਰਡੈਂਟ ਦਰਸ਼ਨ ਸਿੰਘ ਤੋਂ ਇਲਾਵਾ ਜਿਲੇ ਦੇ ਸਮੂਹ ਐਸ.ਐਮ.ਓਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।