ਬਠਿੰਡਾ, 29 ਅਗਸਤ : ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਲਈ ਆਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਕਾਰਕੁਨਾਂ ਨੂੰ ਅੱਜ ਬਠਿੰਡਾ ਪੁਲਿਸ ਨੇ ਪੂਰੀ ਤਾਕਤ ਨਾਲ ਰੋਕ ਲਿਆ ਅਤੇ ਅੱਗੇ ਨਾ ਵਧਣ ਦਿੱਤਾ। ਪੁਲਸ ਦੀ ਇਸ ਕਾਰਵਾਈ ਤੋਂ ਭੜਕੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ। ਠੇਕਾ ਮੁਲਾਜ਼ਮਾ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸੇ ਤਰ੍ਹਾਂ ਆਪਣਾ ਵਿਰੋਧ ਜਾਰੀ ਰੱਖਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨਾਲ ਮੀਟਿੰਗ ਰੱਦ ਹੋਣ ਤੇ ਠੇਕਾ ਮੁਲਾਜ਼ਮਾਂ ਨੇ ਕਾਲੇ ਝੰਡੇ ਦਿਖਾਉਣ ਦਾ ਐਲਾਨ ਕੀਤਾ ਸੀ। ਅੱਜ ਮੁੱਖ ਮੰਤਰੀ ਪੰਜਾਬ ਦਾ ਬਠਿੰਡਾ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਹੋਇਆ ਸੀ ਜਿਸ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਪੁਲਿਸ ਦੀ ਨਗਰੀ ਅਤੇ ਹੋਰ ਤਾਮ-ਝਾਮ ਤਾਇਨਾਤ ਕੀਤਾ ਹੋਇਆ ਸੀ। ਅਧਿਕਾਰੀਆਂ ਨੂੰ ਠੇਕਾ ਮੁਲਾਜ਼ਮਾਂ ਪ੍ਰੋਗਰਾਮ ਵਾਲੀ ਥਾਂ ਤੇ ਪੁੱਜ ਕੇ ਅੜਿੱਕਾ ਖੜ੍ਹਾ ਕਰ ਸਕਦੇ ਹਨ। ਠੇਕਾ ਮੁਲਾਜ਼ਮਾਂ ਦੀ ਇਸ ਸੰਭਾਵਿਤ ਕਾਰਵਾਈ ਨੂੰ ਦੇਖਦਿਆਂ ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਬੈਰੀਕੇਡਿੰਗ ਵੀ ਕੀਤੀ ਗਈ ਸੀ। ਇਸੇ ਦੌਰਾਨ ਜਦੋਂ ਠੇਕਾ ਮੁਲਾਜ਼ਮਾਂ ਨੇ ਬੀਬੀ ਵਾਲਾ ਚੌਕ ਤੋਂ ਮੁੱਖ ਮੰਤਰੀ ਦੀ ਆਮਦ ਵਾਲੇ ਸਥਾਨ ਵੱਲ ਕੂਚ ਕਰ ਦਿੱਤਾ ਤਾਂ ਪੁਲੀਸ ਨੇ ਉਨ੍ਹਾਂ ਨੂੰ ਡੀਏਵੀ ਕਾਲਜ ਦੇ ਗੇਟ ਅੱਗੇ ਬੈਰੀਕੇਡ ਲਾ ਕੇ ਘੇਰ ਲਿਆ। ਮਾਰਚ ’ਚ ਸ਼ਾਮਲ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਸਵੀਰ ਸਿੰਘ ਜੱਸੀ, ਚਮਕੌਰ ਸਿੰਘ, ਸੰਦੀਪ ਖ਼ਾਨ ਬਾਲਿਆਂਵਾਲੀ, ਸਤਨਾਮ ਸਿੰਘ ਖਿਆਲਾ, ਖ਼ੁਸ਼ਦੀਪ ਸਿੰਘ, ਜਗਸੀਰ ਸਿੰਘ ਭੰਗੂ ਤੇ ਹਰਜਿੰਦਰ ਬਰਾੜ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰੈਗੂਲਰ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਬਣਿਆ ਡੇਢ ਸਾਲ ਹੋਣ ਵਾਲਾ ਹੈ ਪਰ ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਕਾਇਮ ਕਰਕੇ ਸਮਾਂ ਲੰਘਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।