- ਮੁਹਿੰਮ ਤਹਿਤ ਬਲਾਕ ਦੇ ਸਮੂਹ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ: ਡਾ. ਗਾਂਧੀ
ਫਾਜ਼ਿਲਕਾ, 11 ਅਗਸਤ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐੱਚ.ਸੀ. ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਕੂਲਾਂ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਬੱਚਿਆਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ‘ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਸ਼ੁਰੂ ਕੀਤੀ ਗਈ ਮੁਹਿੰਮ ‘ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਤਹਿਤ ਸਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ ਬੁਖਾਰ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਦੱਸਿਆ ਗਿਆ ਕਿ ਇਸ ਦਿਨ ਘਰਾਂ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰਨਾ ਚਾਹੀਦਾ ਹੈ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਸਟਾਫ਼ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ 'ਤੇ ਨਹੀਂ ਸਗੋਂ ਸਾਫ਼ ਪਾਣੀ 'ਤੇ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹਨ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਰੋਜ਼ਾਨਾ ਸਿਹਤ ਕਰਮਚਾਰੀ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਇਸ ਮੌਕੇ ਅੱਜ ਸਰਕਾਰੀ ਸਕੂਲ ਖੂਈਖੇੜਾ ਵਿਖੇ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਹੈਲਥ ਵਰਕਰ ਚੰਦਰਭਾਨ, ਅਧਿਆਪਕ ਦਰਸ਼ਨ ਸਿੰਘ ਤਨੇਜਾ ਅਤੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।