- ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ
- ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਮਾਲੇਰਕੋਟਲਾ 1 ਅਗਸਤ : ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਉਤਸ਼ਾਹ ਨਾਲ ਮਨਾਉਣ ਲਈ ਆਜ਼ਾਦੀ ਸਮਾਰੋਹ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ । ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ 77ਵੇਂ ਆਜ਼ਾਦੀ ਦਿਹਾੜਾ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ । ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਦੇ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖ਼ੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਮੌਕੇ ਪੰਜਾਬ ਪੁਲਿਸ ,ਐੱਨਸੀਸੀ ਕੈਡਿਟ, ਪੁਲਿਸ ਬੈਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀ ਰਿਹਰਸਲਾਂ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਜਾਵੇ । ਉਨ੍ਹਾਂ ਐਸ.ਡੀ.ਐਮਜ ਨੂੰ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿਚ ਵੀ ਅਜ਼ਾਦੀ ਦਿਵਸ ਮਨਾਉਣ ਦੇ ਪ੍ਰਬੰਧ ਕੀਤੇ ਜਾਣ । ਉਨ੍ਹਾਂ ਅੱਗੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੌਕੇ 'ਤੇ ਸੁਤੰਤਰਤਾ ਸੰਗਰਾਮੀਆਂ (ਆਜ਼ਾਦੀ ਘੁਲਾਟੀਏ), ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਇਲਾਵਾ ਮਿਹਨਤ, ਲਗਨ ਨਾਲ ਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕਰਨ ਤਜਵੀਜ਼ਤ ਨਾਮਾਂ ਦੀ ਲਿਸਟ ਜ਼ਿਲ੍ਹਾ ਪੱਧਰੀ ਕਮੇਟੀ ਕੋਲ 05 ਅਗਸਤ 2023 ਭੇਜਿਆ ਜਾ ਸਕਦੀਆਂ ਹਨ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਟਰੈਫ਼ਿਕ ਰੂਟ ,ਪਾਰਕਿੰਗ ਦੀ ਵਿਵਸਥਾ ਪਹਿਲਾ ਹੀ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਟਰੈਫ਼ਿਕ ਸਮੱਸਿਆ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੀਣ ਯੋਗ ਪਾਣੀ, ਆਰਜ਼ੀ ਪਖਾਨਿਆਂ, ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਦੀ ਸਪਲਾਈ, ਮੈਡੀਕਲ ਟੀਮਾਂ ਦਾ ਪ੍ਰਬੰਧ ਆਦਿ ਕਰਨ ਦੀਆਂ ਹਦਾਇਤਾਂ ਦਿੱਤੀਆਂ । ਇਸ ਮੌਕੇ ਐਸ.ਡੀ.ਐਮ. ਅਹਿਮਦਗੜ੍ਹ/ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਅਮਰਗੜ੍ਹ ਕਮ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਡੀ.ਐਸ.ਪੀ. ਸ੍ਰੀ ਰਾਮ ਜੀ, ਐਸ.ਐਮ.ਓ ਡਾ ਜਗਜੀਤ ਸਿੰਘ,ਕਾਰਜਕਾਰੀ ਇੰਜ.ਪੀ.ਐਸ.ਪੀ.ਸੀ.ਐਲ ਇੰਜ. ਹਰਿੰਦਰ ਸਿੰਘ ਢੀਂਡਸਾ, ਕਾਰਜਕਾਰੀ ਇੰਜ. ਲੋਕ ਨਿਰਮਾਣ ਇੰਜ ਕਮਲਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ,ਐਕਸਾਈਜ਼ ਇੰਸਪੈਕਟਰ ਸ੍ਰੀ ਦਵਿੰਦਰ ਸਿੰਘ, ਇੰਸਪੈਕਟਰ ਲੇਖਾ ਸ੍ਰੀ ਜਸ਼ਨਪ੍ਰੀਤ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਮਨਿੰਦਰ ਪਾਲ ਸਿੰਘ,ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ, ਤਹਿਸੀਲ ਭਲਾਈ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ,ਲੇਖਾਕਾਰ ਮਾਰਕੀਟ ਕਮੇਟੀ ਸ੍ਰੀ ਗੁਰਮੀਤ ਸਿੰਘ, ਪ੍ਰਿੰਸੀਪਲ ਸਰਕਾਰੀ ਕਾਲਜ ਡਾ ਬਰਜਿੰਦਰ ਸਿੰਘ,ਤਹਿਸੀਲਦਾਰ ਮਾਲੇਰਕੋਟਲਾ ਸ੍ਰੀ ਰਾਮ ਲਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।