ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਨੇ ਪ੍ਰਧਾਨ ਮੰਤਰੀ ਫੈਲੋਸ਼ਿਪ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ 

ਲੁਧਿਆਣਾ 4 ਫਰਵਰੀ, 2025 : ਪੀਏਯੂ ਦੇ ਖੇਤੀ ਇੰਜਨੀਅਰਿੰਗ ਕਾਲਜ ਨੇ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਵਾਸਤੇ ਜਾਗਰੂਕ ਕਰਨ ਲਈ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਕਾਲਜ ਦੇ ਜੈਕਬ ਹਾਲ ਵਿੱਚ ਹੋਈ ਇਸ ਵਰਕਸ਼ਾਪ ਵਿੱਚ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਹਾਸਿਲ ਕਰਨ ਲਈ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਗਿਆ। ਫੈਡਰੇਸ਼ਨ ਆਫ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਬੁਲਾਰੇ ਸ੍ਰੀ ਵਿਸ਼ਾਲ ਖੰਨਾ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਫੈਲੋਸ਼ਿਪ ਦੇ ਮਹੱਤਵ ਬਾਰੇ ਸਮਝਾਉਂਦਿਆਂ ਇਸ ਸਬੰਧੀ ਜ਼ਰੂਰੀ ਕਾਰਵਾਈ ਚੋਣ ਦੀ ਪ੍ਰਕਿਰਿਆ ਅਗਵਾਈ ਅਤੇ ਉਦਯੋਗਿਕ ਸਾਂਝੀਦਾਰਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਨਾਲ ਉਹਨਾਂ ਨੇ ਹਰ ਸਾਲ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਫੈਲੋਸ਼ਿਪ ਲਈ ਬਜਟ ਵਿੱਚ ਕੀਤੀ ਗਈ ਤਜਵੀਜ਼  ਬਾਰੇ ਵੀ ਜਾਣਕਾਰੀ ਦਿੱਤੀ। ਇਸ ਸੈਸ਼ਨ ਵਿੱਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨਾਂ ਵਿੱਚ ਐਮ ਟੈਕ ਐਮ ਐਸ ਸੀ ਅਤੇ ਪੀਐਚ ਡੀ ਦੇ ਖੋਜਾਰਥੀ ਸ਼ਾਮਿਲ ਸਨ। ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾਕਟਰ ਮਨਜੀਤ ਸਿੰਘ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਉਹਨਾਂ ਨੇ ਆਪਣੀ ਟਿੱਪਣੀ ਵਿੱਚ ਐਲੂਮਨੀ ਐਸੋਸੀਏਸ਼ਨ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਲਈ ਤਿਆਰ ਕਰਨਾ ਅਸਲ ਵਿੱਚ ਦਿੱਤੀ ਜਾਣ ਵਾਲੀ ਅਕਾਦਮਿਕ ਸਿੱਖਿਆ ਦਾ ਇੱਕ ਹਿੱਸਾ ਹੈ। ਉਹਨਾਂ ਨੇ ਇਸ ਤਰ੍ਹਾਂ ਦੀਆਂ ਹੋਰ ਵਰਕਸ਼ਾਪਾਂ ਆਯੋਜਿਤ ਕਰਕੇ ਲੋੜਵੰਦ ਵਿਦਿਆਰਥੀਆਂ ਨੂੰ ਢੁਕਵੀਂਆਂ ਫੈਲੋਸ਼ਿਪਾਂ ਅਤੇ ਵਜ਼ੀਫਿਆਂ ਸਬੰਧੀ ਜਾਗਰੂਕ ਕਰਨ ਲਈ ਅਪੀਲ ਕੀਤੀ। ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਡਾ ਪ੍ਰੀਤਿੰਦਰ ਕੌਰ ਨੇ ਪੀਏਯੂ ਵਿਦਿਆਰਥੀਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਆਪਣੇ ਸੁਪਨਿਆਂ ਅਤੇ ਇੱਛਾਵਾਂ ਦੀ ਪੂਰਤੀ ਲਈ ਲਗਾਤਾਰ ਮਿਹਨਤ ਕਰਨ ਅਤੇ ਇਸ ਸੰਬੰਧ ਵਿੱਚ ਕਾਲਜ ਦੇ ਅਮਲੇ ਨਾਲ ਸੰਬੰਧ ਬਣਾਈ ਰੱਖਣ। ਇਸ ਮੌਕੇ ਡਾ ਗੁਰਨਾਜ ਸਿੰਘ ਗਿੱਲ ਨੇ ਮੁੱਖ ਬੁਲਾਰੇ ਲਈ ਸਵਾਗਤ ਦੇ ਸ਼ਬਦ ਕਹੇ ਅੰਤ ਵਿੱਚ ਸ੍ਰੀ ਵਿਸ਼ਾਲ ਖੰਨਾ ਨੂੰ ਐਲੂਮਨੀ ਐਸੋਸੀਏਸ਼ਨ ਦੀ ਤਰਫ ਤੋਂ ਸਨਮਾਨਿਤ ਵੀ ਕੀਤਾ ਗਿਆ।