ਸੰਗਰੂਰ, 15 ਸਤੰਬਰ : ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਵੱਲੋਂ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਲਾਕ ਭਵਾਨੀਗੜ੍ਹ ਦੇ ਪਿੰਡ ਜਲਾਨ, ਬਲਾਕ ਸੰਗਰੂਰ ਦੇ ਪਿੰਡ ਤੋਗਾਵਾਲ, ਬਲਾਕ ਧੂਰੀ ਦੇ ਪਿੰਡ ਫਰਵਾਹੀ ਅਤੇ ਭੋਜੋਵਾਲੀ ਤੇ ਬਲਾਕ ਮੂਣਕ ਦੇ ਪਿੰਡ ਕਰੌਂਦਾ ਵਿਖੇ ਬੀਤੇ ਦਿਨੀ ਪਿੰਡ ਪੱਧਰੀ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸੰਬੰਧਤ ਬਲਾਕਾਂ ਦੇ ਖੇਤੀਬਾੜੀ ਅਫਸਰਾਂ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ਰਹਿੰਦਾ ਹੈ। ਉਨ੍ਹਾਂ ਆਖਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸਭ ਤੋਂ ਵੱਧ ਖਤਰਾ ਬੱਚਿਆਂ ਨੂੰ ਹੁੰਦਾ ਹੈ ਅਤੇ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ।ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਨੂੰ ਆਧੁਨਿਕ ਢੰਗਾਂ ਨਾਲ ਖੇਤਾਂ ਵਿੱਚ ਹੀ ਮਿਲਾਉਣ ਬਾਰੇ ਅਪੀਲ ਕੀਤੀ। ਸ੍ਰ:ਹਰਬੰਸ ਸਿੰਘ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਲਾਕ ਪੱਧਰ ਤੇ ਖੇਤੀਬਾੜੀ ਅਫਸਰਾਂ ਅਤੇ ਫੀਲਡ ਸਟਾਫ ਵਲੋਂ ਸੀ ਆਰ ਅੱੈਮ ਇਨ ਸੀਟੂ ਸਕੀਮ ਅਧੀਨ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਸੰਬੰਧੀ ਲਗਾਤਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਕਰਨ ਸੰਬੰਧੀ ਵੱਖ ਵੱਖ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਵਿਭਾਗ ਵਲੋਂ ਵੱਖ ਵੱਖ ਐਨ ਜੀ ਓ ਨਾਲ ਮਿਲ ਕੇ ਵੀ ਪਿੰਡ ਤੇ ਬਲਾਕ ਪੱਧਰੀ ਕੈਂਪ ਲਗਾਏ ਜਾਣਗੇ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ਤੇ ਬਣਾਏ ਜਾਣ ਵਾਲੇ ਵੱਖ ਵੱਖ ਕਸਟਮ ਹਾਇਰਿੰਗ ਸੈਂਟਰਾਂ ਰਾਹੀਂ ਕਿਸਾਨ ਵਾਜ਼ਿਬ ਰੇਂਟਾਂ ਤੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੀ ਖੇਤੀ ਮਸ਼ੀਨਰੀ ਪ੍ਰਾਪਤ ਕਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਵੱਖ ਵੱਖ ਖੇਤੀ ਮਸ਼ੀਨਰੀ ਵੀ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈ।