- ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਕੀਤੇ ਜਾਣ ਹਰ ਸੰਭਵ ਉਪਰਾਲੇ
ਫਾਜਿ਼ਲਕਾ, 5 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪਸਾਰ ਸੇਵਾਵਾਂ ਵਿਚ ਲੱਗੇ ਅਧਿਕਾਰੀਆਂ ਨਾਲ ਬੈਠਕ ਵਿਚ ਨਿਰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਅਧਿਕਾਰੀ ਹਰੇਕ ਪਿੰਡ ਲਈ ਪਰਾਲੀ ਪ੍ਰਬੰਧਨ ਲਈ ਮਾਇਕ੍ਰੋ ਪਲਾਨ ਤਿਆਰ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਪਿੰਡ ਵਿਚ ਪਰਾਲੀ ਨੂੰ ਬਿਨ੍ਹਾਂ ਸਾੜੇ ਕਿਵੇਂ ਇਸਦਾ ਨਿਪਟਾਰਾ ਕੀਤਾ ਜਾਣਾ ਹੈ ਇਸ ਲਈ ਹਰੇਕ ਅਧਿਕਾਰੀ ਆਪਣੇ ਪੱਧਰ ਤੇ ਕਾਰਜ ਯੋਜਨਾ ਤਿਆਰ ਕਰਕੇ ਸੋਮਵਾਰ ਤੱਕ ਦੇਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਜਿੰਨ੍ਹਾਂ ਕਿਸਾਨਾਂ ਨੇ ਪਿੱਛਲੇ ਸਾਲ ਪਰਾਲੀ ਨੂੰ ਅੱਗ ਲਗਾਈ ਸੀ ਉਨ੍ਹਾਂ ਸਾਰੇ ਕਿਸਾਨਾਂ ਤੱਕ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਨਿੱਜੀ ਤੌਰ ਤੇ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਵਾਰ ਪਰਾਲੀ ਨੂੰ ਨਾ ਸਾੜਨ ਲਈ ਪ੍ਰੇਰਿਤ ਕਰਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਇਓ ਗੈਸ ਪਲਾਟਾਂ, ਭੱਠਿਆ, ਇੰਡਸਟਰੀ, ਗਊਸਾ਼ਲਾਵਾਂ ਆਦਿ ਨਾਲ ਰਾਬਤਾ ਕਰਕੇ ਕਿਸਾਨਾਂ ਅਤੇ ਪਰਾਲੀ ਦੀ ਜਰੂਰਤ ਵਾਲੇ ਲੋਕਾਂ ਦਾ ਆਪਸੀ ਤਾਲਮੇਲ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਵਿਚ ਕੁਤਾਹੀ ਕਰਨ ਵਾਲੇ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਚੰਗਾ ਕੰਮ ਕਰਨ ਵਾਲੇ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਹਰੇਕ ਪਿੰਡ ਵਿਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾਣਗੇ ਜ਼ੋ ਕਿ ਲਗਾਤਾਰ ਕਿਸਾਨਾਂ ਨਾਲ ਤਾਲਮੇਲ ਰੱਖ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਣਕਾਰੀ ਦੇਣਗੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਿੰਡਾਂ ਵਿਚ ਕੈਂਪਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਦੱਸਣ ਦੇ ਨਾਲ ਨਾਲ ਪਰਾਲੀ ਸੰਭਾਲ ਦੀਆਂ ਨਵੀਂਆਂ ਤਕਨੀਕਾਂ ਦੀ ਜਾਣਕਾਰੀ ਵੀ ਕਿਸਾਨਾਂ ਨੂੰ ਦਿੱਤੀ ਜਾਵੇ। ਬੈਠਕ ਵਿਚ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਮੀਤ ਸਿੰਘ ਚੀਮਾ, ਖੇਤੀਬਾੜੀ ਅਫ਼ਸਰ ਮਮਤਾ, ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ ਤੇ ਹੋਰ ਪਸਾਰ ਸੇਵਾਵਾਂ ਦੇਣ ਵਾਲਾ ਅਮਲਾ ਹਾਜਰ ਸੀ।