- ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ
- ਵੱਖ-ਵੱਖ ਪ੍ਰੋਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼
- ਠਸਕਾ ਵਿਖੇ ਬਣਾਇਆ ਜਾਣਾ ਹੈ ਮਾਡਲ ਪਾਰਕ
- ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ
ਐਸ.ਏ.ਐਸ. ਨਗਰ, 11 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਦਸਿਆ ਕਿ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਬਲਾਕਾਂ ਵਿਚ ਐਗਰੋ ਫੌਰੈਸਟਰੀ ਹੋਵੇਗੀ ਇਸ ਲਈ ਥਾਵਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਪਲਣਪੁਰ ਵਿਖੇ ਨਰਸਰੀ ਸਥਾਪਤ ਕਰਨ ਸਮੇਤ ਵੱਖੋ ਵੱਖ ਥਾਵਾਂ ਉੱਤੇ ਪਾਰਕ ਵੀ ਬਣਾਏ ਜਾ ਰਹੇ ਹਨ। ਇਸੇ ਲੜੀ ਤਹਿਤ ਠਸਕਾ ਵਿਖੇ ਮਾਡਲ ਪਾਰਕ ਬਣਾਇਆ ਜਾਣਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੇ ਸਕੂਲਾਂ ਵਿਚ ਕਰੀਬ 752 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਤੰਬਰ ਮਹੀਨੇ ਦੌਰਾਨ ਜ਼ਿਲ੍ਹੇ 700 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਗਿਆ। 03 ਪਲੇਸਮੈਂਟ ਕੈਂਪ ਲਾਏ ਗਏ ਅਤੇ ਕਰੀਬ 314 ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਗਈ। ਕਰੀਬ 2180 ਨੌਜਵਾਨਾਂ ਦੀ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰੇਸ਼ਨ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਸੂਚਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਵੀ ਆਖੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਸਾਂਝੇ ਜਲ ਤਲਾਬ ਬਣਾਉਣ ਦੇ ਕਾਰਜ ਚੱਲ ਰਹੇ ਹਨ ਤੇ 75 ਤਲਾਬ ਬਣਾਉਣ ਦਾ ਟੀਚਾ ਹੈ, ਜਿਨ੍ਹਾਂ ਵਿਚੋਂ 56 ਦਾ ਕੰਮ ਪੂਰਾ ਹੋ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਪਿੰਡਾਂ ਵਿਚ 3522 ਲੱਖ ਰੁਪਏ ਖਰਚੇ ਜਾਣੇ ਹਨ ਤੇ ਹੁਣ ਤਕ 1856.60 ਲੱਖ ਰੁਪਏ ਖਰਚੇ ਜਾ ਚੁੱਕੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪੇਂਡੂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖੁਦ ਫੀਲਡ ਵਿਚ ਜਾ ਕੇ ਪ੍ਰੋਜੈਕਟਾਂ ਦੀ ਖੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਿੰਦਰ ਪਾਲ ਸਿੰਘ ਚੌਹਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।