- ਕਿਹਾ ਕਿ ਭਾਜਪਾ, ਕਾਂਗਰਸ ਤੇ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ
- ਪੰਜਾਬ ਬਚਾਓ ਯਾਤਰਾ ਦੌਰਾਨ ਮਾਨਸਾ ਤੇ ਬੁਢਲਾਡਾ ਵਿਖੇ ਹਰਸਿਮਰਤ ਕੌਰ ਬਾਦਲ ਦਾ ਹੋਇਆ ਨਿੱਘਾ ਸਵਾਗਤ
ਮਾਨਸਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ ਰਾਖੀ ਕੀਤੀ ਜਾ ਸਕੇ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਤਹਿਤ ਅੱਜ ਮਾਨਸਾ ਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਤੇ ਜਿਹਨਾਂ ਦੇ ਨਾਲ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਵੀ ਸਨ, ਦਾ ਹਰ ਥਾਂ ’ਤੇ ਨਿੱਘਾ ਸਵਾਗਤ ਹੋਇਆ। ਸੈਂਕੜੇ ਦੀ ਗਿਣਤੀ ਵਿਚ ਔਰਤਾਂ ਨੇ ਇਕੱਤਰ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਸ਼ਿਕਾਇਤ ਕੀਤੀ ਕਿ ਉਹਨਾਂ ਦੇ ਨਾਂ ਸਮਾਜ ਭਲਾਈ ਸਕੀਮਾਂ ਵਿਚੋਂ ਕੱਟ ਦਿੱਤੇ ਗਏ ਹਨ ਅਤੇ ਉਹਨਾਂ ਨੇ ਅਕਾਲੀ ਦਲ ਦੀ ਸਰਕਾਰ ਦੇ 10 ਸਾਲਾਂ ਦੌਰਾਨ ਬਠਿੰਡਾ ਹਲਕੇ ਦਾ ਸਰਵ ਪੱਖੀ ਵਿਕਾਸ ਕਰਨ ਲਈ ਉਹਨਾਂ ਨੂੰ ਆਸ਼ੀਰਵਾਦ ਵੀ ਦਿੱਤਾ। ਮਾਨਸਾ ਵਿਚ ਸ੍ਰੀ ਪ੍ਰੇਮ ਅਰੋੜਾ ਤੇ ਬੁਢਲਾਡਾ ਵਿਚ ਡਾ. ਨਿਸ਼ਾਨ ਸਿੰਘ ਸਮੇਤ ਹਰ ਬੁਲਾਰੇ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਦੀ ਗੱਲ ਕੀਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਪੱਖੀ ਤੇ ਪੰਜਾਬੀਆਂ ਪੱਖੀ ਪਾਰਟੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਮੁਕਾਬਲਾ ਹੈ ਜਿਹਨਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇ ਬਠਿੰਡਾ ਪਾਰਲੀਮਾਨੀ ਹਲਕੇ ਨੇ ਪਿਛਲੇ ਸੱਤ ਸਾਲਾਂ ਵਿਚ ਵੱਡਾ ਸੰਤਾਪ ਹੰਢਾਇਆ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ, ਹਰ ਪਾਸੇ ਵਿਕਾਸ ਹੋਇਆ ਹੈ ਭਾਵੇਂ ਏਮਜ਼ ਸੰਸਥਾ ਹੋਵੇ, ਥਰਮਲ ਪਲਾਂਟ ਹੋਣ, ਰਿਫਾਇਨਰੀ ਹੋਵੇ ਜਾਂ ਫਿਰ ਕੇਂਦਰੀ ਯੂਨੀਵਰਸਿਟੀ, ਏਅਰਪੋਰਟ ਤੇ ਸੜਕਾਂ ਦਾ ਬੁਨਿਆਦੀ ਢਾਂਚਾ ਹੋਵੇ, ਸਭ ਕੁਝ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਵੀ ਨਹੀਂ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਹਲਕੇ ਦੇ ਹਿੱਤਾਂ ਦੀ ਰਾਖੀ ਕੀਤੀ ਤੇ ਹਲਕੇ ਵਿਚ ਵੱਡੇ ਪ੍ਰਾਜੈਕਟ ਲਿਆਂਦੇ। ਯਾਤਰਾ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਵਾਜ਼ ਦਿੱਲੀ ਲੈ ਕੇ ਜਾਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਮਸਲੇ ਹੱਲ ਕਰਨ ਦਾ ਇਹੋ ਇਕ ਤਰੀਕ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਸਲੇ ਚੁੱਕਣ ਲਈ ਸਿਰਫ ਅਕਾਲੀ ਦਲ ਹੀ ਸਮਰਥ ਹੈ ਤੇ ਇਹ ਹੀ ਪੰਜਾਬੀਆਂ ਨੂੰ ਨਿਆਂ ਦੁਆ ਸਕਦਾ ਹੈ। ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫਾਦਾਰ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬੀ ਆਪ ਨਸ਼ਿਆਂ ਦੀ ਗ੍ਰਿਫਤ ਵਿਚ ਉਲਝੇ ਹਨ ਤੇ ਜ਼ਹਿਰੀਲੀ ਸ਼ਰਾਬ ਕਾਰਨ ਕਿੰਨੀਆਂ ਹੀ ਮੌਤ ਹੋ ਗਈਆਂ ਹਨ ਪਰ ਇਹ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਕਿਵੇਂ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਤੁਹਾਡੇ ਨਾਲ ਪੂਰਨ ਕਰਜ਼ਾ ਮੁਆਫੀ ਤੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ। ਪਰ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਉਲਟਾ ਕਾਂਗਰਸੀਆਂ ਨੇ ਪੰਜਾਬ ਨੁੰ ਲੁੱਟਿਆ ਅਤੇ ਵਿਆਪਕ ਭ੍ਰਿਸ਼ਟਾਚਾਰ ਕਰ ਕੇ ਪੀ ਆਰ ਟੀ ਸੀ ਵਰਗੇ ਅਦਾਰਿਆਂ ਨੂੰ ਕੰਗਾਲ ਕਰ ਦਿੱਤਾ ਤੇ ਆਪਣੇ ਲਾਪ ਵਾਸਤੇ ਬੱਸਾਂ ਦੀਆਂ ਬਾਡੀਆਂ ਪੰਜਾਬ ਦੇ ਬਾਹਰੋਂ ਲਗਵਾ ਕੇ ਭ੍ਰਿਸ਼ਟਾਚਾਰ ਕੀਤਾ।