- ਜ਼ਮੀਨੀ ਪੱਧਰ ਤੇ ਉੱਤਰ ਕੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਨਸ਼ਾ ਤਸ਼ਕਰਾਂ ਤੇ ਕੱਸਿਆ ਜਾਵੇ ਸਿਕੰਜਾ
- ਨਸ਼ਾ ਕਰਨ ਵਾਲਿਆਂ ਨੂੰ ਨਸ਼ਿਆਂ ਦੀ ਰੋਕਥਾਮ ਬਾਰੇ ਕੀਤਾ ਜਾਵੇਗਾ ਜਾਗਰੂਕ ਤੇ ਨਸ਼ਾ ਮੁਕਤੀ ਕੇਂਦਰਾਂ ਰਾਹੀਂ ਕਰਵਾਇਆ ਜਾਵੇ ਇਲਾਜ
ਫਾਜ਼ਿਲਕਾ 28 ਜੂਨ 2024 : ਨਸ਼ਿਆਂ ਨੂੰ ਰੋਕਣ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ, ਬੀ.ਐੱਸ.ਐੱਫ ਵਿਭਾਗ ਪੂਰੀ ਸਖਤੀ ਨਾਲ ਕੰਮ ਕਰੇ ਤੇ ਵੱਖ-ਵੱਖ ਵਿਭਾਗ ਵੀ ਨਸ਼ਿਆਂ ਦੀ ਚੇਨ ਨੂੰ ਤੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਫਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਆਨਲਾਈਨ ਮਾਧਿਅਮ ਰਾਹੀਂ ਪੁਲਿਸ, ਬੀਐੱਸਐੱਫ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੁੜ ਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਬੰਧਿਤ ਵਿਭਾਗ ਪੂਰੇ ਐਕਸ਼ਨ ਮੂਡ ਵਿੱਚ ਕੰਮ ਕਰਕੇ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ਼ ਹੰਬਲਾ ਬੋਲਦਿਆਂ ਨਸ਼ੇ ਦਾ ਖਤਮ ਕਰਨ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵਿਭਾਗ ਵੱਲੋਂ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਜਲਦੀ ਹੀ ਜ਼ਿਲ੍ਹੇ ਅੰਦਰ ਲਹਿਰ ਚਲਾ ਕੇ ਨਸ਼ੇ ਦੀ ਸਪਲਾਈ ਨੂੰ ਖ਼ਤਮ ਕੀਤਾ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਹਰ ਨੌਜਵਾਨ ਨਸ਼ੇ ਦੇ ਦੂਰ ਪ੍ਰਭਾਵ ਤੋਂ ਜਾਣੂ ਹੋ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਪੰਜਾਬ ਅੰਦਰੋਂ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਐੱਸ.ਪੀ. ਆਪ੍ਰੇਸ਼ਨ ਅਤੇ ਬੀ.ਐੱਸ.ਐੱਫ ਨਾਲ ਵਿਚਾਰ ਚਰਚਾ ਕਰਨ ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਟੀਮਾਂ ਬਣਾ ਕੇ ਅਲੱਗ-ਅਲੱਗ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਮੁਕਤੀ ਕੇਂਦਰਾਂ (ਡੀ ਡਿਕਸ਼ਨ ਸੈਂਟਰਾਂ) ਦੀ ਕਾਰਗੁਜਾ਼ਰੀ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਨਸ਼ਾ ਤਸ਼ਕਾਰਾਂ ਖਿਲਾਫ ਕੀਤੀ ਹੁਣ ਤੱਕ ਦੀ ਜਾਣਕਾਰੀ ਵੀ ਡਿਪਟੀ ਕਮਿਸ਼ਨਰ ਨਾਲ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ *ਤੇ ਠਲ ਪਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਹੋਰ ਸਖਤ ਕਦਮ ਚੁੱਕਣ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਏਰੀਏ ਤੇ ਵਿਸ਼ੇਸ਼ ਨਜਰ ਰੱਖੀ ਜਾਵੇ ਤੇ ਐਸ.ਐਫ ਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ *ਤੇ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਕਾਰਵਾਈਆਂ ਜਾਰੀ ਰੱਖੀਆਂ ਜਾਣ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਕਵਿਤਾ ਸਿੰਘ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਏਰਿਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।