ਸਿੱਖਿਆ ਮੰਤਰੀ ਬੈਂਸ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ
ਲੁਧਿਆਣਾ, 31 ਅਗਸਤ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਦਿਆਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਸਿੱਖਿਆ ਮੰਤਰੀ ਸ. ਬੈਂਸ ਵਲੋਂ ਸ਼ਹੀਦ ਸੁਖਦੇਵ ਥਾਪਰ ਕੰਨਿਆ ਸੀ.ਸੈ. ਸਕੂਲ, ਭਾਰਤ ਨਗਰ ਦਾ ਦੌਰਾ ਕਰਦਿਆਂ ਪੀ.ਡਬਲਿਊ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲ ਦੇ ਸੁੰਦਰੀਕਰਣ ਤੇ ਨਵੀਨੀਕਰਣ ਲਈ ਨਵੇਂ ਡਿਜਾਇਨ ਤਿਆਰ ਕੀਤੇ ਜਾਣ। ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਸਰਾਭਾ ਨਗਰ ਦਾ ਨੀਰੀਖਣ ਕੀਤਾ। ਉਨ੍ਹਾਂ ਸਕੂਲ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਬੱਚਿਆਂ ਨਾਲ ਸਾਂਝ ਪਾਈ ਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਬਾਅਦ ਵਿੱਚ, ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ, ਸੁਨੇਤ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਸੂਬਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾ ਕੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਭਵਿੱਖ ਹੈ ਅਤੇ ਇਹਨਾਂ ਦੀ ਪੜ੍ਹਾਈ ਬੇਹੱਦ ਜ਼ਰੂਰੀ ਹੈ, ਜਿਸ ਨਾਲ ਉਹ ਇਕ ਬਿਹਤਰ ਪੰਜਾਬ ਅਤੇ ਸਮਾਜ ਦੀ ਸਿਰਜਣਾ ਕਰਨਗੇ।