- ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ
- ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ 2024 : ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਅਤੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਦੀ ਨਿਗਰਾਨੀ ਹੇਠ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਟਵਾਰਖਾਨਾ, ਪੋਸਟ ਆਫਿਸ, ਥਾਨਾ ਸਿਟੀ , ਸਾਂਝ ਕੇਂਦਰ, ਪੰਜਾਬ ਪੈਂਸ਼ਨਰ ਦਫਤਰ,ਫਾਇਰ ਬ੍ਰਿਗੇਡ ਅਤੇ ਹੋਰ ਜਨਤਨ ਥਾਵਾਂ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ ਤਾ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ ।ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਸਮੇਂ ਸਿਹਤ ਵਰਕਰ ਜਸਕਰਨ ਸਿੰਘ, ਗੁਰਸੇਵਕ ਸਿੰਘ , ਅਮ੍ਰਿੰਤਪਾਲ ਸਿੰਘ, ਕੁਲਬੀਰ ਸਿੰਘ, ਅੰਗਰੇਜ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।