- ਡੀ ਸੀ ਆਸ਼ਿਕਾ ਜੈਨ ਨੇ ਮਾਸਟਰ ਟ੍ਰੇਨਰਾਂ ਦੀ ਸਿਖਲਾਈ ਦਾ ਜਾਇਜ਼ਾ ਲਿਆ
- ਕਲਾਸ ਇੰਚਾਰਜਾਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹੇ ਵਿੱਚ ਕੰਮ ਕਰਨ ਲਈ 15 ਮਾਸਟਰ ਟ੍ਰੇਨਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕਲਾਸ ਇੰਚਾਰਜਾਂ ਨੂੰ ਸਿਖਲਾਈ ਦੇਣ ਲਈ 15 ਦੇ ਕਰੀਬ ਮਾਸਟਰ ਟ੍ਰੇਨਰਾਂ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1 ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਬੰਧੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਦਾ ਉਦੇਸ਼ ਸਮਾਜ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜਾਗਰੂਕਤਾ ਰਾਹੀਂ ਖ਼ਤਮ ਕਰਨਾ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਸਕੂਲਾਂ ਤੋਂ ਸ਼ੁਰੂ ਕੀਤੀ ਜਾਵੇਗੀ। ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਮਾਸਟਰ ਟ੍ਰੇਨਰ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਮਿਸ਼ਨਰੀ ਭਾਵਨਾ ਨਾਲ ਕੰਮ ਕਰਨਗੇ ਤਾਂ ਜੋ ਨਸ਼ਿਆਂ ਵਿਰੁੱਧ ਲੜਾਈ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗਿੰਨੀ ਦੁੱਗਲ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਬਲਾਕਾਂ ਵਿੱਚ ਬੱਡੀ ਗਰੁੱਪ ਦੇ ਅਧਿਆਪਕਾਂ ਨਾਲ ਵਰਕਸ਼ਾਪ ਦੀ ਸਿਖਲਾਈ ਦਾ ਤਰੀਕਾ ਸਾਂਝਾ ਕਰਨ ਅਤੇ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਉਤਸ਼ਾਹਿਤ ਕਰਨ ਅਤੇ ਆਪਣੀਆਂ ਰਿਪੋਰਟਾਂ ਸਾਂਝੀਆਂ ਕਰਨ। ਵਰਕਸ਼ਾਪ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ (ਨਸ਼ਾ ਜਾਗਰੂਕਤਾ) ਭਾਰਤ ਭੂਸ਼ਣ ਬੇਰੀ, ਸੁਪਰਡੈਂਟ ਬੋਹੜ ਸਿੰਘ ਅਤੇ ਪੰਜਾਬ ਗੁੱਡ ਗਵਰਨੈਂਸ ਫੈਲੋ ਨੇਹਾ ਜੰਗੀਦ ਨੇ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ। ਉਪ ਸਿੱਖਿਆ ਅਫ਼ਸਰ (ਸੈਕੰਡਰੀ) ਅੰਗਰੇਜ਼ ਸਿੰਘ ਨੇ ਵੀ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਨਸ਼ਿਆਂ ਵਿਰੁੱਧ ਸਫ਼ਲ ਜਾਗਰੂਕਤਾ ਮੁਹਿੰਮ ਚਲਾਉਣ ਲਈ ਸੁਝਾਅ ਦਿੱਤੇ। ਇਸ ਵਰਕਸ਼ਾਪ ਵਿੱਚ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਨੋਡਲ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸ੍ਰੀਮਤੀ ਜਸਵੀਰ ਕੌਰ ਨੇ ਸਹਿਯੋਗ ਦਿੱਤਾ। ਜ਼ਿਕਰਯੋਗ ਹੈ ਕਿ ਸਰਕਾਰੀ ਹਾਈ ਸਕੂਲ ਫੇਜ਼ 5 ਦੀ ਸਾਇੰਸ ਮਿਸਟ੍ਰੈਸ ਸ੍ਰੀਮਤੀ ਕਮਲਜੀਤ ਕੌਰ ਨੇ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਦਿੰਦੇ ਹੋਏ ਪ੍ਰਭਾਵਸ਼ਾਲੀ ਨੁੱਕੜ ਨਾਟਕ ਦਾ ਮੰਚਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ। ਵਰਕਸ਼ਾਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਚਨਬੱਧਤਾ ਨੂੰ ਉਜਾਗਰ ਕੀਤਾ ਗਿਆ।