- ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ https://agrimachinerypb.com ' ਤੇ ਬਿਨੈ ਕਰਨ ਚਾਹਵਾਨ
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕੀਤੀ ਅਪੀਲ ਕਿ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ
ਮਾਲੇਰਕੋਟਲਾ 28 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਖ਼ਾਸ ਤੌਰ ਤੇ ਸਾਉਣੀ 2023 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ (https://agrimachinerypb.com ) 'ਤੇ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਆਨਲਾਈਨ ਮਾਧਿਅਮ ਰਾਹੀਂ ਬਿਨੈ ਪੱਤਰ ਦੇਣ ਦੀ ਅਖੀਰਲੀ ਮਿਤੀ 20 ਜੁਲਾਈ 2023 ਤੱਕ ਹੈ ਕੋਈ ਵੀ ਚਾਹਵਾਨ ਕਿਸਾਨ ਉਕਤ ਮਿਤੀ ਤੱਕ ਆਨਲਾਈਨ ਮਾਧਿਅਮ ਤੇ ਆਪਣੇ ਬਿਨੈ ਪੱਤਰ ਦੇ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ ਤੇ ਰੇਕ (ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀਆਂ ਮਸ਼ੀਨਾਂ), ਹੈਪੀ ਸੀਡਰ (ਪਰਾਲੀ ਨੂੰ ਜ਼ਮੀਨ ਉੱਤੇ ਵਿਛਾ ਕੇ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਜ਼ੀਰੋ ਟਿੱਲ ਡਰਿੱਲ (ਖੇਤ ਨੂੰ ਵਾਹੇ ਬਿਨਾਂ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਸੁਪਰ ਸੀਡਰ (ਪਰਾਲੀ ਨੂੰ ਖੇਤ ਵਿੱਚ ਮਿਲਾਉਂਦੇ ਹੋਏ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ), ਉਲਟਾਵਾਂ ਪਲਾਓ (ਪਰਾਲੀ ਨੂੰ ਖੇਤ ਵਿੱਚ ਮਿਲਾਉਣ ਵਾਲਾ ਪਲਟਾਊ ਹਲ), ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ (ਪਰਾਲੀ ਦਾ ਕੁਤਰਾ ਕਰਨ ਵਾਲੀਆਂ ਮਸ਼ੀਨਾਂ), ਕਰਾਪ ਰੀਪਰ (ਜ਼ਮੀਨ ਦੇ ਨੇੜਿਓਂ ਝੋਨੇ ਦੀ ਫਸਲ ਕੱਟਣ ਵਾਲੀ ਮਸ਼ੀਨ), ਸ਼ਰਬ ਮਾਸਟਰ/ਰੋਟਰੀ ਸਲੈਸ਼ਰ (ਪਰਾਲੀ ਦੇ ਕਰਚੇ ਕੱਟਣ ਵਾਲੀ ਮਸ਼ੀਨ), ਸਮਾਰਟ ਸੀਡਰ (ਪਰਾਲੀ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਅਤੇ ਸੁਪਰ ਐਸ.ਐਮ.ਐਸ (ਕੰਬਾਇਨ ਤੋਂ ਬਾਹਰ ਨਿਕਲੀ ਪਰਾਲੀ ਦਾ ਕੁਤਰਾ ਕਰਕੇ ਖੇਤ ਵਿੱਚ ਇਕਸਾਰ ਖਿਲਾਰਨ ਵਾਲੀ ਮਸ਼ੀਨ) ਮਸ਼ੀਨਾਂ ਦੀ ਖ਼ਰੀਦ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ ਆਨ ਲਾਈਨ ਨਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਅਰਜ਼ੀ ਭਰਨ ਸਮੇਂ ਕਿਸਾਨ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫ਼ੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਹੋਣਾ ਲਾਜ਼ਮੀ ਹੈ।ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ।ਇਸ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਪੋਰਟਲ ਤੇ ਉਪਲਬਧ ਹਨ। ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖ਼ਰੀਦ ਕਰਨ ਲਈ ਪ੍ਰਵਾਨਗੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵੱਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ਼ ਆਪਣੇ ਮਨਪਸੰਦ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਤੋਂ ਮਸ਼ੀਨ ਦੀ ਖ਼ਰੀਦ ਕਰ ਸਕਣਗੇ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਕਿਸੇ ਵੀ ਕਿਸਮ ਦੀ ਧੋਖਾਧੜੀ ਤੋਂ ਬਚਣ ਲਈ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰਾਂ ਵਿੱਚ ਜਾ ਕੇ ਸੰਪਰਕ ਕਰ ਸਕਦੇ ਹਨ।