ਸੰਗਰੂਰ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਸਖ਼ਤ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਇੱਕ ਗੋਦਾਮ ਵਿੱਚੋਂ ਕਰੀਬ 3 ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਅਮਲ ਵਿੱਚ ਲਿਆਂਦੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੰਗਰੂਰ ਸਥਿਤ ਰੀਜਨਲ ਦਫ਼ਤਰ ਦੇ ਐਸ.ਡੀ.ਓ-ਕਮ-ਸਹਾਇਕ ਵਾਤਾਵਰਣ ਇੰਜੀਨੀਅਰ ਵਿਪਨ ਕੁਮਾਰ ਨੇ ਦੱਸਿਆ ਕਿ ਟੀਮ ਵੱਲੋਂ ਪਟਿਆਲਾ ਰੋਡ ਸੁਨਾਮ ’ਤੇ ਸਥਿਤ ਇੱਕ ਗੋਦਾਮ ਵਿਖੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਸੂਰਜ ਇੰਟਰਪ੍ਰਾਈਜ਼ਿਜ਼ ਵੱਲੋਂ ਅਣਅਧਿਕਾਰਤ ਤੌਰ ’ਤੇ ਭੰਡਾਰ ਕੀਤੇ 25 ਕਿਲੋ ਪ੍ਰਤੀ ਗੱਟੇ ਦੇ ਭਾਰ ਵਾਲੇ 119 ਗੱਟਿਆਂ ਵਿੱਚ 2975 ਕਿਲੋ ਪਲਾਸਟਿਕ ਲਿਫ਼ਾਫੇ (ਕੈਰੀ ਬੈਗ) ਪਾਏ ਗਏ ਜਿਨ੍ਹਾਂ ਨੂੰ ਨਿਯਮਾਂ ਮੁਤਾਬਕ ਜ਼ਬਤ ਕਰ ਲਿਆ ਗਿਆ ਹੈ ਅਤੇ ਸਬੰਧਤ ਵਿਅਕਤੀ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਪ੍ਰਕਿਰਿਆ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸਬੰਧਤ ਵਿਅਕਤੀ ਵੱਲੋਂ ਗੁਜਰਾਤ ਤੋਂ ਇਹ ਕੈਰੀ ਬੈਗ ਲਿਆਂਦੇ ਗਏ ਸਨ ਜੋ ਕਿ ਇੱਥੇ ਇਸ ਗੋਦਾਮ ਵਿਖੇ ਭੰਡਾਰ ਕਰਕੇ ਰੱਖਣ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤੇ ਜਾਣੇ ਸਨ। ਐਸ.ਡੀ.ਓ ਵਿਪਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਾਤਾਵਰਣ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੇ ਸਮਾਨ ਦੇ ਭੰਡਾਰ, ਵਿਕਰੀ ਤੇ ਖਰੀਦੋ ਫਰੋਖਤ ਲਈ ਵਰਤੇ ਜਾਣ ’ਤੇ ਪਾਬੰਦੀ ਲਗਾਏ ਜਾਣ ਦੇ ਬਾਵਜੂਦ ਜਿਹੜੇ ਵਿਅਕਤੀ ਜਾਣਬੁੱਝ ਕੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਖਿਲਾਫ਼ ਨਿਰੰਤਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।