ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ

  • ਬੀਤੀ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 3399 ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ-ਡੀ.ਸੀ
  • ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨ  ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ 

ਫਰੀਦਕੋਟ 14 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ  ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 3399 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਜਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ 13377 ਮੀਟਰਕ ਟਨ ਝੋਨੇ ਦੀ ਆਮਦ ਹੋਈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ 3399 ਮੀਟਰਕ ਟਨ ਵੱਖ ਵੱਖ ਏਜੰਸੀਆਂ ਵੱਲੋਂ ਖਰੀਦਿਆ ਗਿਆ, ਜਿੰਨਾਂ ਵਿੱਚ ਪਨਗ੍ਰੇਨ ਨੇ 207 ਮੀਟ੍ਰਿਕ ਟਨ, ਮਾਰਕਫੈਡ ਨੇ 528 ਮੀਟ੍ਰਿਕ ਟਨ,  ਪਨਸਪ 180 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 251 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਹੋ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸਾਮ: 06:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜਿਲ੍ਹੇ ਦੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਟਾਈ ਉਪਰੰਤ ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾਣਗੇ,ਇਸ ਦੇ ਨਾਲ ਹੀ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।