- ਖਰੀਦ ਏਜੰਸੀਆਂ ਵੱਲੋਂ 74926 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
- ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 150.97 ਕਰੋੜ ਰੁਪਏ
- ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਕਿਸਾਨ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 78152 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 74926 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਖਰੀਦ ਏਜੰਸੀਆਂ ਨੇ ਮੰਡੀਆਂ ਵਿੱਚੋਂ 22198 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 150.97 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 78152 ਮੀਟਰਿਕ ਟਨ, ਮਾਰਕਫੈੱਡ ਵੱਲੋਂ 16728 ਮੀਟਰਿਕ ਟਨ, ਪਨਸਪ ਵੱਲੋਂ 15133 ਮੀਟਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 8670 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਇੱਕ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਕਿਉਂਕਿ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਹੀ ਇਸ ਨਾਲ ਕਿਸਾਨ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਕਈ ਦੁਰਘਟਨਾਵਾਂ ਹੋਣ ਦਾ ਡਰ ਵੀ ਬਣਿਆਂ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ਤੇ ਖੇਤੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ।