- ਜ਼ਿਲ੍ਹਾ ਮੈਜਿਟਰੇਟ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਲੰਗੜੋਈ ਤੇ ਸ਼ੇਰਮਾਜਰਾ 'ਚ ਪੱਕਾ ਪੁਲਿਸ ਨਾਕਾ ਤੇ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ
- ਪੁਲਿਸ ਦੀ ਸੀਸੀਟੀਵੀ ਕੈਮਰਿਆਂ ਵਾਲੀ ਵੈਨ ਵੀ ਕਰੇਗੀ ਗਸ਼ਤ
ਪਟਿਆਲਾ, 23 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵੱਡੀ ਜੰਗ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਜਿੱਥੇ ਨਸ਼ਿਆਂ ਦੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਇਸ ਅਲਾਮਤ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਵੀ ਦਿੱਤਾ ਜਾ ਰਿਹਾ ਹੈ। ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਪ੍ਰਕੋਪ ਉਪਰ ਸਖ਼ਤੀ ਨਾਲ ਰੋਕ ਲਾਉਣ ਲਈ ਅੱਜ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਪਿੰਡਾਂ ਲੰਗੜੋਈ ਅਤੇ ਸ਼ੇਰਮਾਜਰਾ ਵਿਖੇ ਪੁਲਿਸ ਦਾ ਪੱਕਾ ਨਾਕਾ ਅਤੇ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਪਿੰਡਾਂ ਵਿੱਚ ਪੁਲਿਸ ਦੀਆਂ ਸੀਸੀਟੀਵੀ ਕੈਮਰੇ ਵਾਲੀਆਂ ਵੈਨਾਂ ਵੀ ਗਸ਼ਤ ਕਰਨਗੀਆਂ ਤਾਂ ਕਿ ਇੱਥੇ ਨਸ਼ਾ ਤਸਕਰੀ ਉਪਰ ਰੋਕ ਲਗਾਈ ਜਾ ਸਕੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਇਨ੍ਹਾਂ ਦੋਵਾਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਵੀ ਕੀਤੇ ਗਏ। ਇਸ ਦੌਰਾਨ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਤੋਂ ਜਾਣੂ ਕਰਵਾਉਣ ਸਮੇਤ ਨਸ਼ਿਆਂ ਕਰਕੇ ਹੋਣ ਵਾਲੀਆਂ ਬਿਮਾਰੀਆਂ ਕਾਲਾ ਪੀਲੀਆ, ਏਡਜ਼ ਤੇ ਹੋਰ ਬਿਮਾਰੀਆਂ ਬਾਰੇ ਦੱਸਿਆ ਗਿਆ। ਪਿੰਡ ਵਿੱਚ ਪਰਮਿੰਦਰ ਕੌਰ ਮਨਚੰਦਾ ਦੀ ਟੀਮ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ'ਸਹਿਯੋਗੀ ਹੈਲਪਲਾਈਨ0175-2213385'ਨੰਬਰ ਸਬੰਧੀ ਵੀ ਜਾਣੂ ਕਰਵਾਇਆ ਤਾਂ ਕਿ ਲੋਕ ਇਸ ਫੋਨ ਨੰਬਰ 'ਤੇ ਕਾਲ ਕਰਕੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਮੇਤ ਮਾਨਸਿਕ ਸਿਹਤ ਬਾਰੇ ਕੋਈ ਵੀ ਸੁਝਾਉ ਵੀ ਲੈ ਸਕਦੇ ਹਨ। ਇਸੇ ਦੌਰਾਨ ਅੱਜ ਬਾਅਦ ਦੁਪਹਿਰ ਪਿੰਡ ਲੰਗੜੋਈ, ਮੈਣ, ਸੂਲਰ ਅਤੇ ਸ਼ੇਰਮਾਜਰਾ ਦੇ ਵਸਨੀਕਾਂ ਨੇ ਵੀ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਤੋਂ ਪ੍ਰਭਾਵਤ ਹੋ ਰਹੇ ਨੌਜਵਾਨਾਂ ਬਾਰੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਇੱਕ ਬੈਠਕ ਕੀਤੀ, ਇਸ ਮੌਕੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਐਸ.ਪੀ. ਸਥਾਨਕ ਹਰਬੰਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਤੇ ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੀ ਮੌਜੂਦ ਸਨ। ਇਨ੍ਹਾਂ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਪੁਲਿਸ ਨੂੰ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਹਰ ਪੱਖੋਂ ਸਹਿਯੋਗ ਦੇਣਗੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆ ਚੁੱਕੇ ਹਨ, ਉਨ੍ਹਾਂ ਦੀ ਨਸ਼ਾ ਮੁਕਤੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਨਸ਼ਾ ਮੁਕਤੀ ਗਤੀਵਿਧੀਆਂ ਨੂੰ ਹੋਰ ਤੇਜ ਕਰਨ ਸਮੇਤ ਨਸ਼ਾ ਤਸਕਰੀ 'ਤੇ ਕਾਬੂ ਪਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਡ ਵਿਭਾਗ, ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸਾਕੇਤ ਤੇ ਸੀ.ਐਮ. ਦੀ ਯੋਗਸ਼ਾਲਾ ਸਮੇਤ ਹੋਰ ਵਿਭਾਗਾਂ ਵੱਲੋਂ ਇਕੱਠੇ ਹੋਕੇ ਪਿੰਡ ਪੱਧਰ 'ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਐਸ.ਪੀ. ਹਰਵੰਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਤਿੰਨ ਸੀ.ਏ.ਐਸ.ਓ ਓਪਰੇਸ਼ਨ ਚਲਾਉਣ ਸਮੇਤ ਲਗਾਤਾਰ ਛਾਪੇਮਾਰੀ ਤੇ ਨਾਕਾਬੰਦੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ 'ਤੇ ਰੋਕ ਲਗਾਉਣ ਲਈ ਨਸ਼ਾ ਤਸਕਰਾਂ ਵੱਲੋਂ ਬਣਾਈ ਗਈ ਜਾਇਦਾਦ ਵੀ ਜ਼ਬਤ ਕਰਨ ਦੀ ਕਾਰਵਾਈ ਜਾਰੀ ਹੈ।