ਫ਼ਤਹਿਗੜ੍ਹ ਸਾਹਿਬ, 16 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼੍ਰੀ ਅਰੁਣ ਗੁਪਤਾ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਇੱਕ ਮਹੀਨੇ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ, ਸ਼ਹਿਰ ਦੇ ਵਾਰਡਾਂ, ਸਕੂਲਾਂ ਤੇ ਕਾਲਜਾਂ ਵਿੱਚ ਕੈੱਪ ਲਗਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਪਿੰਡ ਚਨਾਰਥਲ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਾਲ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਪਿੰਡ ਚਨਾਰਥਲ ਕਲਾਂ ਦੇ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਬਹੁਤ ਜਰੂਰੀ ਹੈ ਕਿਉਂਕਿ ਛੋਟੀ ਉਮਰ ਵਿੱਚ ਹੀ ਗਲਤ ਸੰਗਤ ਕਾਰਨ ਉਹ ਇਸ ਨਾਮੁਰਾਦ ਬਿਮਾਰੀ ਦੇ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਘਰਾਂ ਦੇ ਚਰਾਗ ਬੁੱਝ ਚੁੱਕੇ ਹਨ ਜਿਸ ਨੂੰ ਮੁੱਖ ਰੱਖਦੇ ਹੋਏ ਇਹ ਜਾਗਰੂਕਤਾ ਮੁਹਿੰਮ ਅਰੰਭੀ ਗਈ ਹੈ ਤਾਂ ਜੋ ਸਮਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ। ਸ਼੍ਰੀਮਤੀ ਮਨਪ੍ਰੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਇਨ੍ਹਾਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆ ਦੇ ਕਾਨੂੰਨੀ ਹੱਕਾਂ ਬਾਰੇ ਵੀ ਦੱਸਿਆ। ਕੈਂਪ ਦੌਰਾਨ ਪੈਨਲ ਵਕੀਲ ਐਡਵੋਕੇਟ ਗੌਰਵ ਰਬਰ ਨੈ ਵਿਦਿਆਰਥੀਆਂ ਨਾਲ ਨਸ਼ਿਆਂ ਖਿਲਾਫ ਆਪਣੇ ਵਿਚਾਰ ਸਾਂਝੈ ਕੀਤੇ ਤੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ। ਇਸ ਮੌਕੇ ਨਸ਼ਿਆਂ ਖਿਲਾਫ ਤਿਆਰ ਕਰਵਾਏ ਬੈਨਰ ਵੀ ਵੰਡੇ ਗਏ ਅਤੇ ਵਿਦਿਆਰਥੀਆ ਵੱਲੋਂ ਨਸ਼ਿਆਂ ਖਿਲਾਫ ਨਾਟਕ ਵੀ ਪੇਸ਼ ਕੀਤਾ ਗਿਆ। ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਪਣੇ ਪੈਨਲ ਵਕੀਲਾਂ ਨਾਂਲ ਘਰ-ਘਰ ਜਾ ਕੇ ਨਸ਼ਿਆਂ ਖਿਲਾਫ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।