ਫ਼ਤਹਿਗੜ੍ਹ ਸਾਹਿਬ, 18 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਕੇਂਦਰ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਸ਼੍ਰੀ. ਗੁਰੂ ਹਰਗੋਬਿੰਦ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਖਾਲਸਾ ਸਕੂਲ) ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਵਨ ਸਟਾਪ ਸੈਂਟਰ ਦਾ ਉਦੇਸ਼ ਅਤੇ ਲਿੰਗ-ਆਧਾਰਿਤ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਿੱਚ ਇਸਦੀ ਭੂਮਿਕਾ ਸਬੰਧੀ ਜਾਣ-ਪਛਾਣ ਨਾਲ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ ਵੱਧ ਤੋਂ ਵੱਧ 5 ਦਿਨਾਂ ਲਈ, ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਸਕੀਮ ਜਾਰੀ ਕੀਤੀ ਗਈ ਹੈ। ਵਨ ਸਟਾਪ ਸੈਂਟਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪੀੜਤ ਮਹਿਲਾਵਾਂ ਨੂੰ ਸਹਾਇਤਾ ਅਤੇ ਸ਼ਕਤੀਕਰਨ ਪ੍ਰਦਾਨ ਕਰਨ ਦੇ ਆਪਣੇ ਉਦੇਸ਼ ਲਈ ਵਚਨਬੱਧ ਹੈ। ਰਜਨੀ ਬਾਲਾ ਨੇ ਦੱਸਿਆ ਗਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਵਾਇਆ ਗਿਆ ਅਤੇ ਐਮਰਜੈਂਸੀ ਹੈਲਪ ਲਾਇਨ ਨੰ. 181, 112 ਅਤੇ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਨੰਬਰਾਂ ਤੇ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ, ਟਰੈਫਿਕ ਇੰਚਾਰਜ ਹਰਜੀਤ ਸਿੰਘ, ਮੰਡੀ ਗੋਬਿੰਦਗੜ੍ਹ, ਸਾਂਝ ਕੇਂਦਰ ਪ੍ਰਧਾਨ ਕੇਵਲ ਸਿੰਘ, ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।