- ਚੇਤਨਾਂ ਵੈਨਾਂ ਰਾਹੀਂ ਪਿੰਡ ਕੋਟਲਾ ਬਜਵਾੜਾ, ਬੀਬੀਪੁਰ, ਹਿੰਦੂਪੁਰ, ਪੀਰਜੈਨ, ਬਰਾਸ, ਮੱਠੀ ਤੇ ਸਾਧੂਗੜ੍ਹ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅਤੇ ਝੌਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਚੇਤਨਾ ਵੈਨਾਂ ਰਾਹੀਂ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਜੋਰਾਂ ਤੇ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਰਲਾਉਣ ਲਈ ਜਾਗਰੂਕ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਚੇਤਨਾਂ ਵੈਨਾਂ ਰਾਹੀਂ ਜਿਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਚੇਤਨਾ ਵੈਨਾਂ ਰਾਹੀਂ ਸਰਹਿੰਦ ਬਲਾਕ ਦੇ ਪਿੰਡ ਲੋਗੋਂਮਾਜਰੀ, ਰਿਊਣਾ ਉੱਚਾ, ਰਿਊਣਾ ਨੀਂਵਾ, ਬਹਿਲੋਲਪੁਰ, ਜਲਵੇੜ੍ਹੀ ਗਹਿਲਾਂ ਅਤੇ ਖਮਾਣੋਂ ਬਲਾਕ ਦੇ ਪਿੰਡ ਜਵੰਧਾ, ਨਾਨੋਵਾਲ, ਬਡਵਾਲਾ, ਖੇੜੀ ਭਾਈ ਕੀ, ਜੈ ਸਿੰਘ ਵਾਲਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਕੁਸ਼ਲ ਪ੍ਰਬੰਧਨ ਅਤੇ ਆਧੁਨਿਕ ਖੇਤੀ ਮਸੀਨਾਂ ਬਾਰੇ ਲੋੜੀਂਦਾ ਲਿਟਰੇਚਰ ਵੀ ਛਪਵਾਇਆ ਗਿਆ ਹੈ ਜੋ ਕਿ ਇਨ੍ਹਾਂ ਚੇਤਨਾ ਵੈਨਾਂ ਰਾਹੀਂ ਕਿਸਾਨਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਾੜ ਨੂੰ ਜਮੀਨ ਵਿੱਚ ਹੀ ਵਾਹੁਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਜਿਸ ਨਾਲ ਕਿਸਾਨਾਂ ਨੂੰ ਬਾਅਦ ਵਿੱਚ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ। ਖੇਤੀਬਾੜੀ ਵਿਕਾਸ ਅਫਸਰ ਖੇੜਾ ਸ਼੍ਰੀ ਜਸਵਿੰਦਰ ਸਿੰਘ ਨੇ ਝੌਨੇ ਦੀ ਨਾੜ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜੈਵਿਕ ਵਿਭਿੰਨਤਾ ਅਤੇ ਮਨੁੱਖੀ ਸਿਹਤ ਉਪਰ ਮਾੜੇ ਪ੍ਰਭਾਵ ਪੈ ਰਹੇ ਹਨ ਅਤੇ ਪਰਾਲੀ ਦੇ ਧੂੰਏ ਕਾਰਨ ਭਿਆਨਕ ਹਾਦਸੇ ਵਾਪਰਨ ਦਾ ਖ਼ਤਰਾ ਬਣਿਆਂ ਰਹਿੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ।