ਮੁੱਲਾਂਪੁਰ ਦਾਖਾ 16 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ, ਪਿਛਲੇ ਦਿਨੀਂ ਵੱਖ ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਪਿੰਡ ਮੱਲਾ ਤੇ ਹੋਰ ਪਿੰਡਾਂ ਸਮਾਰਟ ਬਿਜਲੀ ਮੀਟਰ ਲਾਹ ਕੇ ਸਬ ਡਵੀਜ਼ਨ ਪਾਵਰਕੌਮ ਰੂਮੀ ਦੇ ਦਫ਼ਤਰ ਅੱਗੇ ਧਰਨਾ ਲਾਕੇ ਵਾਪਿਸ ਕੀਤੇ ਸਨ ਪਰ ਪਾਵਰਕੌਮ ਵੱਲੋਂ ਇਸ ਸਬੰਧ ਵਿੱਚ ਸਮਾਰਟ ਬਿਜਲੀ ਮੀਟਰ ਲਗਵਾਉਣ ਤੋਂ ਇਨਕਾਰੀ ਖੱਪਤਕਾਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਪਾਵਰਕੌਮ ਦੀ ਇਸ ਧੱਕੇਸ਼ਾਹੀ ਦੇ ਵਿਰੁੱਧ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ,ਪੇਂਡੂ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬੁਰਜਗਿੱਲ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਗ੍ਰਾਮ ਪੰਚਾਇਤ ਪਿੰਡ ਮੱਲਾ ਅਤੇ ਹੋਰ ਮੋਹਤਵਰ ਵਿਅਕਤੀਆਂ ਨੇ ਇਕੱਤਰ ਹੋ ਕੇ ਮੀਟਿੰਗ ਕੀਤੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦਾ ਵਿਰੋਧ ਕੀਤਾ ਜਾਵੇਗਾ,ਕਿਉਂਕਿ ਇਨ੍ਹਾਂ ਸਮਾਰਟ ਬਿਜਲੀ ਮੀਟਰਾਂ ਜ਼ਰੀਏ ਬਿਜਲੀ ਵੰਡਣ ਅਤੇ ਵੇਚਣ ਦਾ ਖੇਤਰ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦਾ ਰਾਹ ਪੱਧਰਾ ਹੋ ਜਾਵੇਗਾ। ਜਿਸ ਨਾਲ ਘਰੇਲੂ ਅਤੇ ਖੇਤੀ ਸੈਕਟਰ ਵਿੱਚ ਬਿਜਲੀ ਤੇ ਮਿਲਦੀ ਸਬਸਿਡੀ ਦਾ ਭੋਗ ਪਾਇਆ ਜਾਵੇਗਾ। ਇਸ ਮੌਕੇ ਜੱਥੇਬੰਦੀਆਂ ਦੀ ਇਕਤੱਰਤਾ ਨੇ ਫੈਸਲਾ ਕੀਤਾ ਕਿ 18 ਅਕਤੂਬਰ ਦਿਨ ਬੁੱਧਵਾਰ ਨੂੰ ਐਕਸੀਅਨ ਪਾਵਰਕਾਮ ਰਾਏਕੋਟ ਦੇ ਦਫ਼ਤਰ ਅੱਗੇ ਧਰਨਾ ਲਾਕੇ ਸਮਾਰਟ ਬਿਜਲੀ ਮੀਟਰਾਂ ਦਾ ਵਿਰੋਧ ਕੀਤਾ ਜਾਵੇਗਾ। ਜੱਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸਮਾਰਟ ਬਿਜਲੀ ਮੀਟਰ ਲਾਉਣ ਦਾ ਫੈਸਲਾ ਰੱਦ ਕੀਤਾ ਜਾਵੇ ਅਤੇ ਸਮੂਹ ਪੰਜਾਬੀਆਂ ਨੂੰ ਇਸ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਅਵਤਾਰ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬੁਰਜਗਿੱਲ ਦੇ ਬੂਟਾ ਸਿੰਘ ਸਮਰਾ, ਕਿਰਤੀ ਕਿਸਾਨ ਯੂਨੀਅਨ ਦੇ ਤਿਰਲੋਚਨ ਸਿੰਘ ਝੋਰੜਾਂ, ਸਾਧੂ ਸਿੰਘ ਅੱਚਰਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੇ ਤਰਸੇਮ ਸਿੰਘ ਬੱਸੂਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਕਾਦੀਆਂ) ਦੇ ਅਰਸ਼ਪ੍ਰੀਤ ਸਿੰਘ ਮੱਲਾ, ਗ੍ਰਾਮ ਪੰਚਾਇਤ ਮੱਲਾ ਵੱਲੋਂ ਸੁਖਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ।