ਬਰਨਾਲਾ, 18 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ-103 ਦੀ ਜ਼ਿਮਨੀ ਚੋਣ ਘੋਸ਼ਿਤ ਕਰਨ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਕਰਕੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ 'ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ। ਇਸ ਲਈ ਜ਼ਿਲ੍ਹਾ ਬਰਨਾਲਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ ਪਰ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।