ਸੰਗਰੂਰ, 25 ਮਾਰਚ : ਜ਼ਿਲ੍ਹਾ ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (ਆਈ.ਏ.ਐਸ) ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ :2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸ਼ੋਸ਼ਲ ਮੀਡੀਆ ਐਪਸ, ਪਲੇਟਫਾਰਮਜ਼ ਉਤੇ ਝੂਠੀਆਂ, ਗਲਤ ਅਫਵਾਹਾਂ ਫੈਲਾਉਣ, ਅਪਸ਼ਬਦ, ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ, ਭੜਕਾਊ ਭਾਸ਼ਨ ਆਦਿ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ੋਸ਼ਲ ਮੀਡੀਆ ਅਤੇ ਹੋਰ ਮੈਸੇਜਿੰਗ ਐਪਸ ਜਿਵੇ ਕਿ ਵਟਸਐਪ, ਫੇਸ ਬੁੱਕ ਅਤੇ ਟਵੀਟਰ ਆਦਿ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਜ਼ ਆਦਿ 'ਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਕਰਨ ਸਬੰਧੀ ਝੂਠੀਆਂ, ਗਲਤ ਅਫਵਾਹਾਂ ਫੈਲਾਈਆਂ ਜਾ ਸਕਦੀਆਂ ਹਨ, ਜਿਸ ਕਾਰਨ ਆਮ ਪਬਲਿਕ ਵਿੱਚ ਡਰ ਦਾ ਮਾਹੌਲ ਪੈਦਾ ਹੋਣ ਦਾ ਖਦਸ਼ਾ ਹੋ ਸਕਦਾ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਜ਼ਰੂਰੀ ਹੈ ਕਿ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਝੂਠੀਆਂ, ਗਲਤ ਅਫਵਾਹਾਂ ਅਤੇ ਗਲਤ ਜਾਣਕਾਰੀ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਹਰਕਤ ਜਿਵੇਂ ਕਿ ਅਪਸ਼ਬਦ, ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ, ਭੜਕਾਊ ਭਾਸ਼ਣ ਆਦਿ ਜਿਸ ਨਾਲ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੋਵੇ, ਉਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹੋ ਜਾਂਦੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਸ ਜ਼ਿਲ੍ਹਾ ਸੰਗਰੂਰ ਨੂੰ ਹਦਾਇਤ ਕੀਤੀ ਹੈ। ਇਹ ਹੁਕਮ 20 ਅਪ੍ਰੈਲ 2023 ਤੱਕ ਲਾਗੂ ਰਹੇਗਾ।