ਪਟਿਆਲਾ, 29 ਸਤੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਕੈਬਨਿਟ ਮੰਤਰੀ ਅੱਜ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਜੌੜਾਮਾਜਰਾ ਦੇ ਨਾਲ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ. ਐਸ.ਪੀ ਵਰੁਣ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸਕੂਲ ਆਫ਼ ਐਮੀਂਨੈਸ ਦੀ ਸ਼ੁਰੂਆਤ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਗਿਆ ਹੈ ਉਥੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਲੈਸ ਕਰਕੇ ਤੇ ਦਿੱਖ ਬਦਲਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਜਾ ਰਿਹਾ ਹੈ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਪਟਿਆਲਾ ਵਾਸੀਆਂ ਲਈ ਇਹ ਸੁਭਾਗ ਵਾਲੀ ਗੱਲ ਹੈ ਕਿ ਇਸ ਇਤਿਹਾਸਕ ਸ਼ਹਿਰ ਤੋਂ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਸੀਐਮ ਦੀ ਯੋਗਸ਼ਾਲਾ ਦਾ ਆਗਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਇਤਿਹਾਸਿਕ ਸ਼ਹਿਰ ਤੋਂ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ।